ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨੀਪੁਰ ਮੁੱਦੇ ‘ਤੇ ਦਖਲ ਦੇਣ ਦੀ ਬੇਨਤੀ ਕੀਤੀ ਅਤੇ ਦਾਅਵਾ ਕੀਤਾ ਹੈ ਕਿ ਭਾਜਪਾ ਸ਼ਾਸਿਤ ਉੱਤਰ-ਪੂਰਬੀ ਰਾਜ ਵਿੱਚ ਹਿੰਸਾ ਬੇਰੋਕ ਜਾਰੀ ਹੈ। ਵਿਰੋਧੀ ਪਾਰਟੀਆਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਇੱਕ ਮੰਗ ਪੱਤਰ ਸੌਂਪ ਕੇ ਮਨੀਪੁਰ ਬਾਰੇ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਕੀਤੀ। ਦਸ ਦਈਏ ਕਿ ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੇ ਜੋ ਸੰਸਦ ਮੈਂਬਰਾਂ ਨੇ 29-30 ਜੁਲਾਈ ਨੂੰ ਮਨੀਪੁਰ ਦਾ ਦੌਰਾ ਕੀਤਾ ਸੀ, ਉਹ ਵੀ ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫ਼ਦ ਦਾ ਹਿੱਸਾ ਸਨ। ਇਸ ਦੇ ਨਾਲ ਪ੍ਰਧਾਨ ਖੜਗੇ ਨੇ ਹਾਲ ਵੀ ਵਿਚ ਹਰਿਆਣਾ ‘ਚ ਹੋਈ ਹਿੰਸਾ ਬਾਰੇ ਵੀ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ।
ਪ੍ਰਧਾਨ ਖੜਗੇ ਨੇ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਨੀਪੁਰ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਰਾਜ ਵਿੱਚ ਸ਼ਾਂਤੀ ਬਹਾਲ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਵਿਰੋਧੀ ਧਿਰ ਮਨੀਪੁਰ ਹਿੰਸਾ ‘ਤੇ ਸੰਸਦ ‘ਚ ਨਿਯਮ 267 ਤਹਿਤ ਚਰਚਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਿਆਨ ਦੀ ਮੰਗ ਕਰ ਰਹੀ ਹੈ, ਜਦਕਿ ਸੱਤਾਧਾਰੀ ਗਠਜੋੜ ਮਨੀਪੁਰ ‘ਤੇ ਥੋੜ੍ਹੇ ਸਮੇਂ ਲਈ ਚਰਚਾ ਚਾਹੁੰਦਾ ਹੈ ਜਿਸ ‘ਤੇ ਜਵਾਬ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਣਗੇ।