ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦੀ ਜਾਂਚ ਤੇਜ਼ ਹੋ ਗਈ ਹੈ। ਇਸ ਦੌਰਾਨ 1 ਸਾਲ ਤੋਂ ਵੱਧ ਸਮੇਂ ਬਾਅਦ ਪੁਲਿਸ ਨੂੰ ਇਸ ਕਤਲਕਾਂਡ ਵਿਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦਸ ਦਈਏ ਕਿ ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿਚ ਨਾਮਜ਼ਦ ਕਬੱਡੀ ਪ੍ਰਮੋਟਰ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸਦੀ ਗ੍ਰਿਫ਼ਤਾਰੀ ਤੜਕਸਾਰ 3 ਵਜੇ ਘਰ ਤੋਂ ਕੀਤੀ ਹੈ।
ਦਸਣਯੋਗ ਹੈ ਕਿ ਮਰਹੂਮ ਕਬੱਡੀ ਖਿਡਾਰੀ ਸੰਦੀਪ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ‘ਚ ਮੌਜੂਦ ਹੈ ਪੁਲਿਸ ਉਸ ਨੂੰ ਤੁਰੰਤ ਗ੍ਰਿਫਤਾਰ ਕਰੇ।
ਉਸ ਸਮੇਂ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਿਸ ਨੇ ਬੀਤੀ ਰਾਤ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਪੁਲਸ ਉਸ ਨੂੰ ਗ੍ਰਿਫਤਾਰ ਕਰਕੇ ਲੈ ਜਾ ਰਹੀ ਹੈ।