ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਪੂਰਾ ਹੰਗਾਮੇ ਭਰਿਆ ਰਿਹਾ ਹੈ। ਜਿਥੇ ਇਕ ਪਾਸੇ ਸੀ.ਐਮ. ਭਗਵੰਤ ਮਾਨ ਦੀ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਤਿੱਖੀ ਬਹਿਸ ਹੁੰਦੀ ਵਿਖਾਈ ਦਿੱਤੀ ਹੈ। ਉਥੇ ਹੀ ਹੁਣ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਲਗਾਏ ਗਏ ਹਨ।
ਉਹਨਾਂ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੂੰ ਧਮਕਾਇਆ ਅਤੇ ਡਰਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਅਸੀਂ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਮਾਨ ਸਦਨ ‘ਚ ਆ ਕੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਸਾਡੇ ਲਈ ਵਿਧਾਨ ਸਭਾ ਦੀ ਕਾਰਵਾਈ ‘ਚ ਬੈਠਣਾ ਔਖਾ ਹੋਵੇਗਾ। ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਸਬੰਧੀ ਅਸੀਂ ਸਪੀਕਰ ਸੰਧਵਾਂ ਨਾਲ ਵੀ ਗੱਲ ਕੀਤੀ ਹੈ ਕਿ ਉਹ ਕਾਰਵਾਈ ਦਾ ਰਿਕਾਰਡ ਕੱਢਵਾ ਕੇ ਦੇਖ ਲੈਣ ਕਿ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਧਮਕਾਇਆ ਹੈ ਕਿ ਨਹੀਂ? ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ CM ਮੁਆਫ਼ੀ ਮੰਗਣ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਗਲਾ ਫ਼ੈਸਲਾ ਅਸੀਂ ਸਵੇਰੇ ਲਵਾਂਗੇ। ਸਾਰੇ ਸਾਥੀ ਕੱਲ੍ਹ ਸਵੇਰੇ ਮਿਲ ਕੇ ਇਸਦਾ ਫ਼ੈਸਲਾ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਕੋਲੋਂ ਮਿਲਣ ਦਾ ਸਮਾਂ ਮੰਗਿਆ ਹੈ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਗੱਲ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨੇ ਮੁਆਫ਼ੀ ਨਾ ਮੰਗੀ ਤਾਂ ਅਸੀਂ ਸਵੇਰੇ ਮੀਟਿੰਗ ਕਰਕੇ ਸਖ਼ਤ ਐਕਸ਼ਨ ਲਵਾਂਗੇ।
ਇਥੇ ਦਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ਨਾਲ ਹੋਈ ਤਿੱਖੀ ਬਹਿਸ ਦੌਰਾਨ ਕਿਹਾ ਸੀ ਕਿ ਕੋਈ ਵੀ ਵਿਧਾਇਕ, ਜੋ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।