ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਦਾ ਮੁੱਦਾ ਸਿਆਸੀ ਆਗੂਆਂ ਵਲੋਂ ਇਕ ਵਾਰ ਚੁੱਕਿਆ ਜਾ ਰਿਹਾ ਹੈ। ਇਸੇ ਦਰਮਿਆਨ ਪਟਿਆਲਾ ਪਹੁੰਚੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਐਨਆਈਏ ਨੂੰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਪੁਲਿਸ ਦੇ ਅਧਿਕਾਰੀ ਡੀਜੀਪੀ ਨੂੰ ਸਵਾਲ ਨਹੀਂ ਕਰ ਸਕਣਗੇ। ਇਸ ਲਈ ਨਿਰਪੱਖ ਜਾਂਚ ਲਈ ਇਹ ਮਾਮਲਾ ਐਨਆਈਏ ਹਵਾਲੇ ਕੀਤੇ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮਾਨ ਨੇ ਕੇਂਦਰ ਤੇ ਕੁਝ ਸੂਬਾ ਸਰਕਾਰਾਂ ’ਤੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਵਪਾਰ ਲਈ ਪਾਕਿਸਤਾਨ ਦੀ ਅਟਾਰੀ ਸਰਹੱਦ ਖੋਲ੍ਹਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ। ਪਟਿਆਲਾ ਦੇ ਸਰਕਟ ਹਾਊਸ ਵਿੱਚ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ‘ਭਾਰਤ ਜੋੜੋ ਯਾਤਰਾ’ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਨੂੰ ਤਾਂ ਕਸ਼ਮੀਰ ਜਾਣ ਤੋਂ ਦੋ ਵਾਰ ਰੋਕ ਦਿੱਤਾ ਗਿਆ ਪਰ ਹੁਣ ਰਾਹੁਲ ਗਾਂਧੀ ਬਾਰੇ ਸਾਰੇ ਚੁੱਪ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਹੋਣ ਕਰਕੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੇ ਦੋਸ਼ ਦੁਹਰਾਉਂਦਿਆਂ ਮਾਨ ਨੇ ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹੋਣ ’ਤੇ ਜ਼ੋਰ ਦਿੱਤਾ।