ਸਿਟੀ ਬਿਊਟੀਫੁੱਲ’ ਚੰਡੀਗੜ੍ਹ ‘ਚ ਨਵੇਂ ਮੇਅਰ ਦੀ ਚੋਣ ਹੋ ਚੁੱਕੀ ਹੈ। ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿੱਚ ਹੋਈ ਮੇਅਰ ਦੀ ਚੋਣ ਵਿਚ ਇਸ ਵਾਰ ਵੀ ਮੇਅਰ ਦੀ ਸੀਟ ਭਾਜਪਾ ਦੀ ਝੋਲੀ ਪਈ ਹੈ। ਭਾਜਪਾ ਦੇ ਅਨੂਪ ਗੁਪਤਾ ਨੂੰ ਚੰਡੀਗੜ੍ਹ ਦਾ ਨਵਾਂ ਮੇਅਰ ਬਣਾ ਦਿੱਤਾ ਗਿਆ ਹੈ। ਬੀਜੇਪੀ ਦੀ ਇਸ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ‘ਚ ਕਾਫੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ। ਆਪ ਦੇ ਉਮੀਦਵਾਰ ਜਸਬੀਰ ਸਿੰਘ ਨੂੰ ਹਰਾਕੇ ਅਨੂਪ ਗੁਪਤਾ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਚੁੱਕੇ ਹਨ।
ਦਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿਖੇ ਸਵੇਰੇ 11 ਵਜੇ ਤੋਂ ਹੀ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਹੋ ਰਹੀ ਸੀ। ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਤੇ ਆਮ ਆਦਮੀ ਪਾਰਟੀ ਦਰਮਿਆਨ ਰਿਹਾ। ਨਾਲ ਹੀ ਤੁਹਾਨੂੰ ਦਸ ਦਈਏ ਕਿ ਚੋਣਾਂ ਤੋਂ ਇੱਕ ਦਿਨ ਪਹਿਲਾਂ ਹੀ ਕਾਂਗਰਸ ਵੱਲੋਂ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਐਲਾਨ ਕਾਰਨ ਜਿੱਥੇ ਭਾਜਪਾ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਆਮ ਆਦਮੀ ਪਾਰਟੀ ਦੀਆਂ ਕਾਂਗਰਸ ਤੋਂ ਹਮਾਇਤ ਲੈਣ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ। ਦੂਜੇ ਪਾਸੇ ਨਗਰ ਨਿਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਕੌਂਸਲਰ ਵੱਲੋਂ ਵੋਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਅੰਤਿਮ ਫੈਸਲਾ ਨਾ ਹੋਣ ਕਾਰਨ ਚੋਣਾਂ ਦਿਲਚਸਪ ਬਣੀਆਂ ਹੋਈਆਂ ਸੀ।
ਜ਼ਿਕਰਯੋਗ ਹੈ ਕਿ ਭਾਜਪਾ ਨੇ ਨਿਗਮ ਦੀ ਪਹਿਲੀ ਵਾਰ ਚੋਣ ਜਿੱਤਣ ਵਾਲੇ ਅਨੂਪ ਗੁਪਤਾ ਨੂੰ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਸੀ। ਦੂਜੇ ਪਾਸੇ ‘ਆਪ’ ਨੇ ਆਪਣੇ ਕੌਂਸਲਰ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ । ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਚੁਣਿਆ । ਦੂਜੇ ਪਾਸੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸ਼ਰਮਾ ਨੂੰ ਉਮੀਦਵਾਰ ਬਣਾਇਆ, ਪਰ ਹੁਣ ਇਸ ਚੋਣਾਂ ਦੇ ਵਿਚ ਭਾਜਪਾ ਦੀ ਵੱਡੀ ਜਿੱਤ ਹੋਈ ਹੈ ਅਤੇ ਚੰਡੀਗੜ੍ਹ ਨੂੰ ਇਕ ਨਵਾਂ ਮੇਅਰ ਮਿਲ ਚੁੱਕਾ ਹੈ।