ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਹੋਏ ਰਾਕੇਟ ਲਾਂਚਰ ਹਮਲੇ ‘ਤੇ ਸਿਆਸਤ ਪੂਰੀ ਤਰ੍ਹਾਂ ਭੱਖਦੀ ਨਜ਼ਰ ਆ ਰਹੀ ਹੈ। ਹੁਣ ਇਸ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਨਾਲ ਗੱਲ ਕੀਤੀ ਹੈ। ਡੀਜੀਪੀ ਨੇ ਘਟਨਾ ਵਾਲੀ ਥਾਂ ‘ਤੇ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ। ਮਾਨ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਚੱਲ ਰਹੀ ਹੈ, ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ। ਜਿਵੇਂ ਹੀ ਕੋਈ ਜਾਣਕਾਰੀ ਸਾਹਮਣੇ ਆਵੇਗੀ, ਉਹ ਮੀਡੀਆ ਨੂੰ ਜ਼ਰੂਰ ਦੱਸਣਗੇ। ਉਨ੍ਹਾਂ ਇਹ ਵੀ ਕਿਹਾ, ‘ਹਮਲੇ ਪਿੱਛੇ ਦੁਸ਼ਮਣ ਦੇਸ਼ ਦਾ ਹੱਥ ਹੈ।’ ਇਸ ਦੌਰਾਨ ਉਨ੍ਹਾਂ ਕਿਹਾ, ਪੰਜਾਬੀ ਇਸ ਤੋਂ ਡਰਨ ਵਾਲੇ ਨਹੀਂ ਹਨ। ‘ਆਜ਼ਾਦੀ ਵਿੱਚ ਵੀ ਪੰਜਾਬੀਆਂ ਦੀ ਭੂਮਿਕਾ ਅਹਿਮ ਰਹੀ ਹੈ। ਪੰਜਾਬ ਕਈ ਵਾਰ ਡਿੱਗਿਆ ਹੈ ਅਤੇ ਕਈ ਵਾਰ ਉੱਠਿਆ ਹੈ।’ ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ।
ਇਥੇ ਦਸਣਯੋਗ ਹੈ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇੱਕ ਪੁਲਿਸ ਸਟੇਸ਼ਨ ‘ਤੇ ਰਾਕੇਟ ਲਾਂਚਰ ਸੁੱਟਿਆ ਗਿਆ ਜਿਸ ਤੋਂ ਬਾਅਦ ਹੁਣ ਕਾਫੀ ਤਣਾਅਪੂਰਨ ਬਣਿਆ ਹੋਇਆ। ਇਹ ਹਮਲਾ ਸ਼ੁੱਕਰਵਾਰ ਦੇਰ ਰਾਤ ਕਰੀਬ 1 ਵਜੇ ਹੋਇਆ। ਰਾਹਤ ਦੀ ਗੱਲ ਇਹ ਹੈ ਕਿ ਇਸ ਪੂਰੇ ਹਮਲੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਇਸ ਹਮਲੇ ਵਿੱਚ ਥਾਣੇ ਦੀਆਂ ਕੰਧਾਂ ਅਤੇ ਦਰਵਾਜ਼ਿਆਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਥਾਣੇ ਵਿੱਚ ਲੱਗੇ ਸ਼ੀਸ਼ੇ ਟੁਟ ਗਏ ਹਨ। ਫਿਲਹਾਲ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਟੀਮ ਨੇ ਥਾਣੇ ਤੋਂ ਰਾਕੇਟ ਲਾਂਚਰ ਅਤੇ ਉਸ ਦਾ ਕੁਝ ਹਿੱਸਾ ਹਾਈਵੇਅ ਤੋਂ ਬਰਾਮਦ ਕੀਤਾ।