ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਅੱਜ ਤੜਕਸਾਰ ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਮਿਗ-21 ਲੜਾਕੂ ਜਹਾਜ਼ ਸੀ ਜੋ ਹਨੂੰਮਾਨਗੜ੍ਹ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਕ੍ਰੈਸ਼ ਹੋਇਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਹਾਦਸੇ ‘ਚ ਦੋਵੇਂ ਪਾਇਲਟ ਸੁਰੱਖਿਅਤ ਹਨ ਜਦਕਿ 2 ਔਰਤਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਸੂਤਰਾਂ ਮੁਤਾਬਕ ਮਿਗ ਨੇ ਸੂਰਤਗੜ੍ਹ ਤੋਂ ਉਡਾਣ ਭਰੀ ਸੀ।
ਉੱਥੇ ਹੀ ਦੂਜੇ ਪਾਸੇ ਆਈਏਐਫ ਨੇ ਟਵੀਟ ਕਰ ਕਿਹਾ ਕਿ ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਜਹਾਜ਼ ਅੱਜ ਸਵੇਰੇ ਰੁਟੀਨ ਸਿਖਲਾਈ ਉਡਾਣ ਦੌਰਾਨ ਸੂਰਤਗੜ੍ਹ ਨੇੜੇ ਹਾਦਸਾਗ੍ਰਸਤ ਹੋ ਗਿਆ। ਪਾਇਲਟ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਸੁਰੱਖਿਅਤ ਬਾਹਰ ਕੱਢਿਆ ਗਿਆ।ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।