ਕਾਂਗਰਸੀ ਲੀਡਰ ਰਾਹੁਲ ਗਾਂਧੀ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ। ਹੁਣ ਵਿਵਾਦਾਂ ‘ਚ ਘਿਰਨ ਦਾ ਕਾਰਨ ਹੈ ਕਿ ਉਨ੍ਹਾਂ ਦੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗਲਤ ਜਾਣਕਾਰੀ ਸਾਂਝੀ ਕਰਨਾ ਹੈ। ਬਿਆਨ ਦਿੰਦੇ ਹੋਏ ਰਾਹੁਲ ਗਾਂਧੀ ਨੇ ਆਪਣੀ ਭਾਰਤ ਜੋੜੋ ਯਾਤਰਾ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਜੋੜਿਆ ਜਿਸ ਨੂੰ ਲੈ ਕੇ ਸਿਆਸੀ ਲੀਡਰ ਤੇ ਸਿੱਖ ਜਥੇਬੰਦੀਆਂ ਵਲੋਂ ਇਸ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਸਿੱਖਾਂ ‘ਤੇ ਗਾਂਧੀ ਪਰਿਵਾਰ ਦਾ ਜੂਨ 1984 ਤੋਂ ਬਾਅਦ ਦੂਜਾ ਹਮਲਾ ਹੈ। ਇਸ ਤੋਂ ਇਲਾਵਾ ਸਿਆਸੀ ਆਗੂਆਂ ਵਲੋਂ ਵੀ ਇਸਦੀ ਨਿਖੇਦੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ 10 ਦਿਨਾਂ ਦੇ ਦੌਰੇ ‘ਤੇ ਅਮਰੀਕਾ ਪਹੁੰਚੇ ਹਨ, ਉਨ੍ਹਾਂ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ‘ਚ ਭਾਰਤੀਆਂ ਨੂੰ ਸੰਬੋਧਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਬਾਰੇ ਅਜਿਹਾ ਦਾਅਵਾ ਕੀਤਾ, ਜਿਸ ਤੋਂ ਬਾਅਦ ਕਈ ਲੋਕ ਉਨ੍ਹਾਂ ਦੇ ਗਿਆਨ ‘ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਜ਼ਿਕਰ ਕਰਦਿਆਂ ਭਾਸ਼ਣ ਵਿਚ ਦਾਅਵਾ ਕੀਤਾ ਕਿ ਉਹ ਮੱਕਾ, ਥਾਈਲੈਂਡ ਅਤੇ ਸ੍ਰੀਲੰਕਾ ਦਾ ਦੌਰਾ ਕਰ ਚੁੱਕੇ ਹਨ। ਰਾਹੁਲ ਗਾਂਧੀ ਦੇ ਭਾਸ਼ਣ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਭਾਜਪਾ ਨੇਤਾਵਾਂ ਅਤੇ ਹੋਰ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਉਸਦੀ ਜਾਣਕਾਰੀ ‘ਤੇ ਸਵਾਲ ਕਰਨਾ ਸ਼ੁਰੂ ਕਰ ਦਿੱਤਾ।
ਇਸ ਤੋਂ ਇਲਾਵਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਆਰ.ਪੀ. ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰਾਹੁਲ ਗਾਂਧੀ ਨੂੰ ਉਹਨਾਂ ਦੇ ਇਸ ਬਿਆਨ ਲਈ ਘੇਰਿਆ ਹੈ। ਇਸ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਦੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਪਰਿਵਾਰ ਨੂੰ ਦੁੱਤਕਾਰਿਆ ਜਾਵੇ।