ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਸ਼ਿਕਾਇਤ ਨੂੰ ਲੈ ਕੇ ਸੀਆਰਪੀਐਫ ਦਾ ਜਵਾਬ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਸੀਆਰਪੀਐਫ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਕਈ ਮੌਕਿਆਂ ‘ਤੇ ਖੁਦ ਰਾਹੁਲ ਗਾਂਧੀ ਵੱਲੋਂ ਸੁਰੱਖਿਆ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ। ਬੀਜੇਪੀ ਆਗੂ ਮਨਜਿੰਦਰ ਸਿਰਸਾ ਨੇ ਇਸ ਮਾਮਲੇ ਤੇ ਟਵੀਟ ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਉਲੰਘਣਾ ਦਾ ਦੋਸ਼ ਲਗਾਉਣਾ ਪਾਰਟੀ ਦਾ ਇੱਕ ਪ੍ਰਚਾਰ ਸਟੰਟ ਹੈ ਜਿਸ ਨੇ ਹਮੇਸ਼ਾ ਸਾਡੇ ਸੈਨਿਕਾਂ ਅਤੇ ਸੁਰੱਖਿਆ ਬਲਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ CRPF ਨੇ ਸਪੱਸ਼ਟ ਕੀਤਾ ਹੈ ਕਿ ਰਾਹੁਲ ਗਾਂਧੀ ਨੇ ਖੁਦ ਇਸ ਯਾਤਰਾ ਦੌਰਾਨ 113 ਵਾਰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ।
ਦੱਸ ਦਈਏ ਕਿ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਭਾਰਤ ਜੋੜੋ ਯਾਤਰਾ ‘ਤੇ ਨਿਕਲੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ ਪਰ ਇਸ ਦੇ ਬਾਵਜੂਦ ਪੁਲਿਸ, ਸੁਰੱਖਿਆ ਘੇਰਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। ਇਸ ਬਾਰੇ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਿਖਆ ਸੀ। ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਦਿੱਲੀ ’ਚ 24 ਦਸੰਬਰ ਨੂੰ ‘ਭਾਰਤ ਜੋੜੋ ਯਾਤਰਾ’ ਦੀ ਸੁਰੱਖਿਆ ’ਚ ਖਾਮੀਆਂ ਸਾਹਮਣੇ ਆਈਆਂ ਸਨ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਰਾਹੁਲ ਗਾਂਧੀ ਦੇ ਆਲੇ-ਦੁਆਲੇ ਭੀੜ ਨੂੰ ਕਾਬੂ ਕਰਨ ’ਚ ਨਾਕਾਮ ਰਹੀ, ਜਦਕਿ ਉਨ੍ਹਾਂ ਕੋਲ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ।