ਖੌਫ਼ਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਅਤੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਬਿਸ਼ਨੋਈ ਆਖਿਰਕਾਰ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ। ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤੀ ਸੁਰੱਖਿਆ ਏਜੰਸੀਆਂ ਜਲਦੀ ਹੀ ਸਚਿਨ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਤੇਜ਼ ਕਰਨਗੀਆਂ। ਦੱਸਿਆ ਜਾ ਰਿਹਾ ਹੈ ਕਿ ਸਚਿਨ ਫਰਜ਼ੀ ਪਾਸਪੋਰਟ ਲੈ ਕੇ ਦਿੱਲੀ ਤੋਂ ਅਜ਼ਰਬੈਜਾਨ ਭੱਜ ਗਿਆ ਸੀ। ਉਸ ਨੂੰ ਬਾਕੂ ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਏਜੰਸੀਆਂ ਨੂੰ ਖ਼ਦਸ਼ਾ ਹੈ ਕਿ ਸਚਿਨ ਨੇ ਭਾਰਤ ‘ਚ ਰਹਿ ਕੇ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਤੋਂ ਬਾਅਦ ਉਹ ਫਰਜ਼ੀ ਪਾਸਪੋਰਟ ਬਣਾ ਕੇ ਅਜ਼ਰਬਾਈਜਾਨ ਭੱਜ ਗਿਆ।
ਇਸ ਦੌਰਾਨ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਲਾਰੈਂਸ ਬਿਸ਼ਨੋਈ ਦੇ ਸਭ ਤੋਂ ਅਹਿਮ ਸਹਿਯੋਗੀ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਐਨਆਈਏ ਨੇ ਯੂਏਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਕਈ ਬੇਕਸੂਰ ਲੋਕਾਂ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਉਸ ਦੀ ਗੱਡੀ ਨੂੰ ਘੇਰ ਕੇ ਗੋਲੀ ਮਾਰ ਦਿੱਤੀ ਗਈ। ਪੁਲਿਸ ਜਾਂਚ ਤੋਂ ਪਤਾ ਚੱਲਦਾ ਹੈ ਕਿ ਗੋਲੀ ਚਲਾਉਣ ਵਾਲੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਬੰਦੇ ਸਨ।