ਇਕ ਪਾਸੇ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਅਤੇ ਦੂਜੇ ਪਾਸੇ ਗੁਰੂ ਨਗਰੀ ਅੰਮ੍ਰਿਤਸਰ ‘ਚ ਹੋਏ ਦੋ ਧਮਾਕੇ, ਪੁਲਿਸ ਲਈ ਚੁਣੌਤੀ ਬਣ ਗਏ ਹਨ। ਇਸ ਦੌਰਾਨ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਜਲੰਧਰ ‘ਚ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ‘ਆਪਰੇਸ਼ਨ Vigil’ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਅੱਜ ਸ਼ਹਿਰੀ ਖੇਤਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਤਹਿਤ ਸ਼ਹਿਰਾਂ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਦੇ ਵੱਡੇ ਅਫ਼ਸਰਾਂ ਵੀ ਸੜਕਾਂ ‘ਤੇ ਉਤਰਕੇ ਸਰਚ ਅਭਿਆਨ ਚਲਾ ਰਹੇ ਹਨ।
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਖੁਦ ਨੇ ਲੁਧਿਆਣਾ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਆਪਣੀ ਪੁਲਿਸ ਟੀਮ ਨਾਲ ਬੱਸ ਸਟੈਂਡ ਵਿਖੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਕਿਹਾ ਪਿਛਲੇ ਦਿਨੀਂ ਅੰਮ੍ਰਿਤਸਰ ‘ਚ ਹੋਏ 2 ਧਮਾਕਿਆਂ ਸਬੰਧੀ ਜਾਂਚ ਕੀਤੀ ਜਾ ਰਹੀ ਅਤੇ ਹੋਰ ਜਾਂਚ ਏਜੰਸੀਆਂ ਦੀ ਵੀ ਮਦਦ ਲਈ ਜਾ ਰਹੀ ਹੈ ਤਾਂ ਜੋ ਪਤਾ ਚੱਲ ਸਕੇ ਕਿਸ ਸਾਜਿਸ਼ ਤਹਿਤ ਕੀਤਾ ਗਿਆ ਸੀ। ਲੁਧਿਆਣਾ ਬੱਸ ਸਟੈਂਡ ਦੀ ਜਾਂਚ ਲਈ ਪਹੁੰਚੇ ਡੀ. ਜੀ. ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਸੂਬੇ ਦੇ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡੀ. ਜੀ. ਪੀ. ਨੇ ਕਿਹਾ ਕਿ ਅੰਮ੍ਰਿਤਸਰ ‘ਚ ਹੋਏ ਬੰਬ ਧਮਾਕਿਆਂ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ‘ਚ ਬੰਬ ਲਈ ਘੱਟ ਤੀਬਰਤਾ ਵਾਲੇ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨੂੰ ਇੱਕ ਡੱਬੇ ਦੀ ਮਦਦ ਨਾਲ ਤਿਆਰ ਕਰਕੇ ਰੱਸੀ ਨਾਲ ਖਿੱਚਿਆ ਗਿਆ ਸੀ। ਇਸ ‘ਚ ਕੋਈ ਤਿੱਖੀ ਵਸਤੂ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਸੂਬੇ ਭਰ ‘ਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਜ਼ਾਰਾਂ ਅਤੇ ਹੋਰ ਆਮ ਲੋਕਾਂ ਦੀ ਬਹੁ-ਪੱਧਰੀ ਜਾਂਚ ਮੁਹਿੰਮ ਤਹਿਤ ਜਾਂਚ ਕੀਤੀ ਜਾ ਰਹੀ ਹੈ।
ਭਲਕੇ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਚੋਣ ਲਈ ਅਰਧ ਸੈਨਿਕ ਬਲ ਦੀਆਂ 60 ਕੰਪਨੀਆਂ ਤੋਂ ਇਲਾਵਾ ਸੂਬਾ ਪੁਲਸ ਵੀ ਤਾਇਨਾਤ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ।