ਲੁਧਿਆਣਾ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲਗਾਈ ਗਈ ਹੈ। ਇਸ ਦੌਰਾਨ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਤੋਂ ਲੈਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵਾਂ ਪੇਅ ਸਕੇਲ ਦੇਣ ਤੋਂ ਇਲਾਵਾ ਕਈ ਵੱਡੇ ਐਲਾਨ ਕੀਤੇ ਗਏ ਹਨ। ਇਸ ਮੌਕੇ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਕੀਤੀ ਜਿਸ ਵਿਚ ਉਹਨਾਂ ਨੇ ਬੈਠਕ ਦੌਰਾਨ ਲਏ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸੀ.ਐਮ. ਮਾਨ ਨੇ ਕਿਹਾ ਕਿ ਹੁਣ ਹਰ ਵਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਵਿਭਾਗ ‘ਚ 87 ਪੋਸਟਾਂ ਕੱਢੀਆਂ ਗਈਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੀ 7ਵੇਂ ਪੇਅ ਕਮਿਸ਼ਨ ਦੇ ਸੋਧੇ ਹੋਏ ਤਨਖ਼ਾਹ ਦੇ ਸਕੇਲ ਮਿਲਣਗੇ। ਅਜਨਾਲਾ ਵਿਖੇ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ‘ਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰੱਗ ਲੈਬਾਰਟਰੀ ਲਈ ਪੱਕੇ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਲਾਇਆ ਗਿਆ ਵੈਲਿਊ ਕੱਟ ਵੀ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਮਿਲੇਗਾ ਅਤੇ ਖੇਤ ਮਜ਼ਦੂਰਾਂ ਨੂੰ ਫ਼ਸਲ ਮੁਆਵਜ਼ੇ ਦਾ 10 ਫ਼ੀਸਦੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਥੇ ਹੀ ਦੂਜੇ ਪਾਸੇ ਰਾਣਾ ਗੁਰਜੀਤ ਦੀ ਇਕ ਔਰਤ ਨੂੰ ਪੈਸੇ ਦੇਣ ਦੀ ਵੀਡੀਓ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੋਕ ਪੈਸੇ ਵੰਡ ਕੇ ਲੋਕਾਂ ਨੂੰ ਖ਼ਰੀਦਣਾ ਚਾਹੁੰਦੇ ਹਨ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਅਜਿਹੇ ਲੋਕ ਸੰਵਿਧਾਨ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਥੇ ਦਸਣਯੋਗ ਹੈ ਕਿ ਅੱਜ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸਿਰਫ਼ ਚੰਡੀਗੜ੍ਹ ਵਿਖੇ ਹੁੰਦੀ ਸੀ ਅਤੇ ਪਰ ਇਸ ਵਾਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਚ ਹੋਈ ਹੈ।