ਵਣ ਖੇਤੀ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਇਕ ਅਹਿਮ ਕਰਦਿਆਂ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ ਹੈ। ਦਸ ਦਈਏ ਕਿ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ‘ਚ ਹੋਈ ਕਿਸਾਨ ਮਿਲਣੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ। ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਵਿੱਚ ਜੰਗਲਾਤ ਵਿਭਾਗ ਵੱਲੋਂ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਰਹੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ ‘ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰੁੱਖਾਂ ਦੀ ਆਨਲਾਈਨ ਵਿਕਰੀ ਅਤੇ ਖਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਉਸਾਰੂ ਕਦਮ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜੋ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ ਅਤੇ ਉਨ੍ਹਾਂ ਨੂੰ ਆਪਣੀ ਆਮਦਨ ਵਧਾਉਣ ਵਿੱਚ ਮਦਦ ਕਰੇਗਾ।