ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ ਜਿਥੇ ਉਹਨਾਂ ਵਲੋਂ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਟੀ ਰੇਲਵੇ ਸਟੇਸ਼ਨ ‘ਤੇ ਆਸਥਾ ਦਾ ਹੜ੍ਹ ਵੇਖਣ ਨੂੰ ਮਿਲਿਆ। ਰੇਲਵੇ ਸਟੇਸ਼ਨ ‘ਤੇ ਸੰਗਤ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਹਰ ਪਾਸੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ ਗੂੰਜੇ। ਦੱਸਣਯੋਗ ਹੈ ਕਿ ਜਲੰਧਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਸ਼ਰਧਾਲੂ ਡੇਰਾ ਬੱਲਾਂ ਤੋਂ ਸ਼ੋਭਾ ਯਾਤਰਾ ਕੱਢਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਪਹੁੰਚਦੇ ਹਨ। ਸ਼ਰਧਾਲੂਆਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਹਨ।
ਰੇਲ ਗੱਡੀ ਰਾਹੀਂ ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਦੀ ਅਗਵਾਈ ’ਚ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਨੀਅਤ ਅਤੇ ਦਿਲ ਬਿਲਕੁਲ ਸਾਫ਼ ਹੈ ਮੇਰਾ ਹਰਾ ਪੈੱਨ ਹਮੇਸ਼ਾ ਲੋਕਾਂ ਦੇ ਹੱਕ ਵਾਸਤੇ ਚੱਲਦਾ ਰਹੇਗਾ। ਉਨ੍ਹਾਂ ਸਮੂਹ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਮੈਂ ਇਹੀ ਅਰਦਾਸ ਕਰਦਾ ਹਾਂ ਕਿ ਜੋ ਸ਼ਰਧਾ ਲੈ ਕੇ ਸੰਗਤ ਜਾ ਰਹੀ ਹੈ, ਉਨ੍ਹਾਂ ਦੀਆਂ ਆਸਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਪੂਰੀਆਂ ਕਰਨ।
ਉਨ੍ਹਾਂ ਕਿਹਾ ਕਿ ਜਦੋਂ 16 ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ ਤਾਂ ਅਸੀਂ ਉਸੇ ਦਿਨ ਫ਼ੈਸਲਾ ਕੀਤਾ ਸੀ ਕਿ ਸਰਕਾਰੀ ਦਫ਼ਤਰਾਂ ਵਿਚ ਮੇਰੀ ਤਸਵੀਰ ਨਹੀਂ ਸਗੋਂ ਸ਼ਹੀਦ ਭਗਤ ਸਿੰਘ ਜੀ ਅਤੇ ਡਾ. ਭੀਮਰਾਓ ਅੰਬੇਡਕਰ ਜੀ ਦੀ ਤਸਵੀਰ ਲੱਗੇਗੀ। ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਸੁਫ਼ਨਾ ਐਜੁਕੇਸ਼ਨ ਦਾ ਸੀ, ਇਹੀ ਉਨ੍ਹਾਂ ਦੀ ਤਰਜੀਹ ਸੀ। ਹੁਣ ਉਹੀ ਤਕਜੀਹ ਸਾਡੀ ਹੈ। ਡਾ. ਭੀਮਰਾਓ ਅੰਬੇਡਕਰ ਜੀ ਦੇ ਅਧੂਰੇ ਸੁਫ਼ਨੇ ਨੂੰ ਅਸੀਂ ਪੂਰਾ ਕਰਾਂਗੇ।