ਮਨੀਪੁਰ ਹਿੰਸਾ ਦੇ ਮੁੱਦੇ ‘ਤੇ ਸੰਸਦ ‘ਚ ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਆਪਸ ‘ਚ ਆਹਮੋ-ਸਾਹਮਣੇ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਕਿਹਾ, “ਮੈਂ ਸਦਨ ‘ਚ ਇਸ ਮੁੱਦੇ ‘ਤੇ ਚਰਚਾ ਲਈ ਤਿਆਰ ਹਾਂ। ਮੈਂ ਵਿਰੋਧੀ ਧਿਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਮੁੱਦੇ ‘ਤੇ ਚਰਚਾ ਹੋਣ ਦਿੱਤੀ ਜਾਵੇ। ਇਹ ਜ਼ਰੂਰੀ ਹੈ ਕਿ ਦੇਸ਼ ਨੂੰ ਇਸ ਸੰਵੇਦਨਸ਼ੀਲ ਮਾਮਲੇ ‘ਤੇ ਸੱਚਾਈ ਪਤਾ ਹੋਵੇ। ਪਰ ਮੈਨੂੰ ਸਮਝ ਨਹੀਂ ਆ ਰਿਹਾ ਕਿ ਵਿਰੋਧੀ ਧਿਰ ਇਸ ਮੁੱਦੇ ‘ਤੇ ਬਹਿਸ ਤੋਂ ਕਿਉਂ ਭੱਜ ਰਹੀ ਹੈ।”
ਪਰ ਵਿਰੋਧੀ ਧਿਰ ਆਪਣੀ ਮੰਗ ‘ਤੇ ਅੜੀ ਹੋਈ ਹੈ, ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਲੋਕ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। ਲੋਕ ਸਭਾ ਦੀ ਕਾਰਵਾਈ ਭਲਕੇ 25 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਰੱਖਿਆ ਮੰਤਰੀ ਅਤੇ ਲੋਕ ਸਭਾ ਦੇ ਉਪ ਨੇਤਾ ਰਾਜਨਾਥ ਸਿੰਘ ਨੇ ਸੰਸਦ ਵਿਚ ਮਨੀਪੁਰ ਦੇ ਮੁੱਦੇ ‘ਤੇ ਗਤੀਰੋਧ ਨੂੰ ਖਤਮ ਕਰਨ ਦੀ ਕੋਸ਼ਿਸ਼ ਵਿਚ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ।
ਮਾਨਸੂਨ ਇਜਲਾਸ ਦੇ ਪਹਿਲੇ ਦਿਨ ਤੋਂ ਹੀ ਵਿਰੋਧੀ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਨੀਪੁਰ ਦੇ ਮੁੱਦੇ ‘ਤੇ ਸੰਸਦ ‘ਚ ਬਿਆਨ ਦੇਣ ਅਤੇ ਚਰਚਾ ਕਰਨ ਦੀ ਮੰਗ ਕਰ ਰਹੀਆਂ ਹਨ। ਇਸ ਮੁੱਦੇ ‘ਤੇ ਹੰਗਾਮੇ ਕਾਰਨ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦੋ ਦਿਨ ਦੋਵਾਂ ਸਦਨਾਂ ਦੀ ਕਾਰਵਾਈ ਵਿਚ ਵਾਰ-ਵਾਰ ਵਿਘਨ ਪਈ।