ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਰੀਬ ਮਜ਼ਦੂਰਾਂ ਨੂੰ ਜਲਦੀ ਹੀ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਪੰਜਾਬ ਸਰਕਾਰ ਜਲਦ ਹੀ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਤਹਿਤ ਰਜਿਸਟਰਡ ਮਜ਼ਦੂਰਾਂ ਲਈ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਬੇਰੁਜ਼ਗਾਰੀ ਭੱਤੇ ਲਈ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ।
ਇਸ ਤਹਿਤ ਗਰੀਬ ਮਜ਼ਦੂਰਾਂ ਨੂੰ ਜਲਦੀ ਹੀ ਬੇਰੁਜ਼ਗਾਰੀ ਭੱਤਾ ਮਿਲ ਸਕਦਾ ਹੈ। ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਸੰਜੀਵ ਗਰਗ ਨੇ ਦੱਸਿਆ ਕਿ ਸੂਬੇ ਦੇ ਵਿੱਤ ਵਿਭਾਗ ਨੇ ਬੇਰੁਜ਼ਗਾਰੀ ਭੱਤੇ ਲਈ ਨਿਯਮਾਂ ਨੂੰ ਨੋਟੀਫਾਈ ਕਰਨ ਲਈ ਬਜਟ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਕ ਜਾਂ 2 ਹਫ਼ਤਿਆਂ ਅੰਦਰ ਨਿਯਮਾਂ ਨੂੰ ਨੋਟੀਫਾਈ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਨੇ ਭੱਤਾ ਦੇਣ ‘ਤੇ ਕੋਈ ਵਿਚਾਰ ਨਹੀਂ ਕੀਤਾ। ਹੁਣ ਇਸ ‘ਤੇ ਮਾਨ ਸਰਕਾਰ ਵਿਚਾਰ ਕਰਨ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਦੀ ਘੱਟੋ-ਘੱਟ ਆਮਦਨ ‘ਚ ਵਾਧਾ ਕੀਤਾ ਸੀ।