ਲੋਕਾਂ ਦੇ ਕਰੋੜਾਂ ਰੁਪਏ ਹੜੱਪਨ ਵਾਲੀ ‘ਪਰਲ’ ਕੰਪਨੀ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਹੁਣ ਇਹ ਕੰਪਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਸ਼ਾਨੇ ‘ਤੇ ਆ ਗਈ ਹੈ। ਇਸ ਲਈ ਹੁਣ ਕਾਨੂੰਨੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ ਅਤੇ ਜਲਦੀ ਲੋਕਾਂ ਨੂੰ ਉਨ੍ਹਾਂ ਦਾ ਪੈਸੇ ਵਾਪਸ ਮਿਲ ਜਾਵੇਗਾ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਟਵੀਟ ਕਰਦਿਆਂ ਸੀ.ਐਮ. ਮਾਨ ਨੇ ਲਿਖਿਆ, “ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ “ਪਰਲ” ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕਾਨੂੰਨੀ ਕਾਰਵਾਈ ਪੂਰੀ ਕਰਕੇ ਜਲਦੀ ਹੀ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਥੇ ਹੀ ਇਸ ਮਾਮਲੇ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਸੀ.ਐਮ. ਅਰਵਿੰਦ ਕੇਜਰੀਵਾਲ ਦਾ ਟਵੀਟ ਵੀ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ, “ਇਹ ਉਹ ਕੰਮ ਹੈ ਜੋ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ। ਜਾਂ ਉਹਨਾਂ ਦੀ ਨੀਅਤ ਨਹੀਂ ਸੀ। ਪਿਛਲੀਆਂ ਸਰਕਾਰਾਂ ਉਸ ਧੜੇ ਨਾਲ ਮਿਲੀਆਂ ਹੋਈਆਂ ਸੀ। ਜੇਕਰ ਅਸੀਂ ਲੱਖਾਂ ਲੋਕਾਂ ਦਾ ਪੈਸਾ ਵਾਪਿਸ ਕਰਵਾਉਣ ਵਿਚ ਕਾਮਯਾਬ ਹੋ ਜਾਂਦੇ ਹਾਂ ਤਾਂ ਇਹ ਬਹੁਤ ਵੱਡਾ ਕੰਮ ਹੋਵੇਗਾ। ਉਹਨਾਂ ਲੱਖਾਂ ਲੋਕਾਂ ਦੀਆਂ ਦੁਆਵਾਂ ਮਿਲਣਗੀਆਂ।
ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟ ਫੰਡ ਕੰਪਨੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।