ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਡਿਵੀਜ਼ਨ ਨੰਬਰ 5 ਅਧੀਨ ਪੈਂਦੇ ਸਰਾਭਾ ਨਗਰ ਵਿੱਚ ਇੱਕ ਪਾਰਕ ਦੇ ਸਾਹਮਣੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਸੈਕਰਡ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ ਦਾ ਵਿਦਿਆਰਥੀ ਸਕੂਲ ’ਚ ਪ੍ਰੀਖਿਆ ਦੇਣ ਤੋਂ ਬਾਅਦ ਸੜਕ ਪਾਰ ਕਰਦੇ ਸਮੇਂ ਇੱਕ ਥਾਰ ਗੱਡੀ ਦੇ ਥੱਲੇ ਆ ਗਿਆ। ਇਸ ਪਿੱਛੋਂ ਲੋਕਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ। ਬੱਚੇ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ। ਤਸਵੀਰਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਵੇਂ ਸਕੂਲੀ ਵਰਦੀ ਪਾਈ ਇਹ ਬੱਚਾ ਸੜਕ ਵੱਲ ਭੱਜ ਰਿਹਾ ਹੈ ਅਤੇ ਉਦੋਂ ਹੀ ਇਹ ਬੱਚਾ, ਉਸੇ ਸੜਕ ‘ਤੇ ਸਿੱਧੇ ਆ ਰਹੇ ਥਾਰ ਗੱਡੀ ਦੇ ਸਾਹਮਣੇ ਆ ਜਾਂਦਾ ਹੈ ਪਰ ਇੱਥੇ ਸਕੂਲ ਪ੍ਰਸ਼ਾਸਨ ‘ਤੇ ਵੀ ਸਵਾਲ ਖੜ੍ਹੇ ਹੁੰਦੇ ਵਿਖਾਈ ਦੇ ਰਹੇ ਹਨ।
ਦਰਅਸਲ, ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਲਿਆਉਣ ਵਾਲੀਆਂ ਬੱਸਾਂ ਅਤੇ ਵੈਨਾਂ ਉਹਨਾਂ ਨੂੰ ਸਕੂਲ ਦੇ ਗੇਟ ਦੇ ਅੰਦਰ ਹੀ ਉਤਾਰਣਗੀਆਂ ਅਤੇ ਛੁੱਟੀ ਤੋਂ ਬਾਅਦ ਘਰ ਪਰਤਣ ਸਮੇਂ ਉਨ੍ਹਾਂ ਨੂੰ ਸਕੂਲ ਦੇ ਅੰਦਰੋਂ ਹੀ ਵਾਹਨ ਵਿੱਚ ਚੜ੍ਹਾਉਣ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਸਕੇ ਪਰ ਇੱਥੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਲਾਪਰਵਾਹੀ ਤੁਸੀਂ ਆਪ ਹੀ ਦੇਖ ਲਓ ਕਿ ਬੱਚਾ ਪਾਰਕ ਦੇ ਗੇਟ ਤੋਂ ਇਸ ਪਾਸੇ ਤੋਂ ਸੜਕ ਪਾਰ ਕਰ ਰਿਹਾ ਹੈ ਕਿਉਂਕਿ ਉਸ ਦੀ ਬੱਸ ਪਾਰਕ ਦੇ ਦੂਜੇ ਪਾਸੇ ਖੜ੍ਹੀ ਹੈ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਡਰਾਈਵਰ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ ਜਿਸ ਦਾ ਇਲਾਜ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।