ਖਾਕੀ ਵਰਦੀ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਇਸ ਪੁਲਿਸ ਅਧਿਕਾਰੀ ਦੀ ਮਹਿਲਾ ਕਿਸਾਨ ਨੂੰ ਥੱਪੜ ਮਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ। ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ।
ਉਧਰ, ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਆਖਿਆ ਹੈ ਕਿ ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿਚ ਆਪਣੀ ਜਮੀਨ ਤੋਂ ਕਬਜ਼ਾ ਨਾ ਛੱਡਣ ਉਤੇ ਕਿਸਾਨਾਂ ਉਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜਮੀਨ ਐਕੁਆਇਰ ਕਰ ਰਹੀ ਹੈ ਅਤੇ ਕਿਸਾਨ ਆਗੂਆਂ ਨੂੰ ਖੇਤਾਂ ਵਿੱਚ ਘੜੀਸ ਕੇ ਉਹਨਾਂ ਦੀਆਂ ਪੱਗਾਂ ਉਤਾਰੀਆਂ ਵੀ ਗਈਆਂ ਹਨ। ਇਸ ਵਾਅਦਾਖ਼ਿਲਾਫ਼ੀ ਦੇ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿਚ ਵੱਖ ਵੱਖ ਥਾਵਾਂ ‘ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਨਿਖੇਦੀ ਵੀ ਕੀਤੀ ਗਈ।
ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਪੁਲਿਸ ਦੀ ਇਸ ਹਰਕਤ ਦਾ ਵਿਰੋਧ ਕੀਤਾ ਹੈ।