ਬੀਤੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਪਹਿਲਾਂ ਅਤੇ ਬਾਅਦ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੀ ਮਾਨ ਸਰਕਾਰ ‘ਤੇ ਇਲਜ਼ਾਮ ਲਗਾਏ ਸੀ। ਉਹਨਾਂ ਨੇ ਇਸ ਸਾਰੇ ਮਸਲੇ ਨੂੰ ਸਿਆਸੀ ਸਟੰਟ ਕਰਾਰ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਪਲਟਵਾਰ ਕਰਦੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਇਸਦਾ ਜਵਾਬ ਦਿੱਤਾ ਹੈ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਹੁਣ ਹਮਦਰਦੀ ਲੈਣ ਲਈ ਪ੍ਰੈਸ ਕਾਨਫਰੰਸ ਕਰ ਕੇ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਹੋ ਰਹੇ ਹਨ। ਇਸ ਦੇ ਨਾਲ ਹੀ ਮਾਲਵਿੰਦਰ ਕੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਝੂਠੇ ਤੱਥ ਪੇਸ਼ ਕਰ ਕੇ ਵਿਚਾਰਾ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਝੂਠੇ ਤੱਥ ਪੇਸ਼ ਕਰ ਕੇ ਚੰਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹਨਾਂ ਲੋਕਾਂ ਦੀ ਸੱਚਾਈ ਹੁਣ ਵਿਜੀਲੈਸ ਸਾਹਮਣੇ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਇਨ੍ਹਾਂ ਨੂੰ ਗਰੀਬਾਂ ਦੀ ਯਾਦ ਕਿਉਂ ਨਹੀਂ ਆਈ ?
ਚਰਨਜੀਤ ਸਿੰਘ ਚੰਨੀ ਉੱਤੇ ਤਿੱਖੇ ਤੰਜ ਕੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਡਰਾਮੇ ਕਰਦੇ ਆ ਰਹੀ ਹੈ ਅਤੇ ਹੁਣ ਵੀ ਚੰਨੀ ਡਰਾਮੇ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਐਸਸੀ ਵਜੀਫਾ ਘੁਲਾਟਾ ਹੋਇਆ ਸੀ ਤਾਂ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਹੁੰਦੇ ਹੋਏ ਉਦੋਂ ਇਸ ਘੁਟਾਲੇ ਦੇ ਖਿਲਾਫ ਕੋਈ ਧਰਨਾ ਕਿਉਂ ਨਹੀਂ ਦਿੱਤਾ ? ਚੰਨੀ ਨੇ ਉਸ ਸਮੇਂ ਕਿਉਂ ਆਵਾਜ਼ ਨਹੀਂ ਚੁੱਕੀ ? ਕੰਗ ਨੇ ਕਿਹਾ ਕਿ ਚੰਨੀ ਨੇ ਹੁਣ ਤੱਕ ਇੱਕ ਵੀ ਐਸਸੀ ਕੋਟੇ ਦੇ ਵਿਅਕਤੀ ਨੂੰ ਕਿਸੇ ਅਹੁਦੇ ਉੱਤੇ ਨਹੀਂ ਬਿਠਾਇਆ ਅਤੇ ਹੁਣ ਇਹ ਐਸਸੀ ਸਮਾਜ ਦੀ ਗੱਲ ਕਰ ਰਹੇ ਹਨ।
ਇਸ ਤੋਂ ਇਲਾਵਾ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਸੀ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।