ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੋਮਵਾਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਬੀਤੀ ਸ਼ਾਮ ਉਹਨਾਂ ਦਾ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਨਰਾਇਣ ਸਿੰਘ ਚਿਖਾ ਨੂੰ ਅਗਨ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ। ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।
ਗਿਆਨੀ ਜਗਤਾਰ ਸਿੰਘ ਨੇ ਪਹਿਲਾਂ ਅਖੰਡ ਪਾਠੀ ਅਤੇ ਫਿਰ ਗ੍ਰੰਥੀ ਦੀ ਸੇਵਾ ਕੀਤੀ। ਜਿਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ਵਿੱਚ ਹੈੱਡ ਗ੍ਰੰਥੀ ਵਜੋਂ ਗੁਰੂ ਅਤੇ ਪੰਥ ਦੀ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਜਿੱਥੇ ਧਾਰਮਿਕ ਭਾਈਚਾਰੇ ‘ਚ ਸੋਗ ਦੀ ਲਹਿਰ ਹੈ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨਮ ਮੈਂਬਰਾਂ ਅਤੇ ਹੋਰ ਧਾਰਮਿਕ ਸ਼ਖਸੀਅਤਾਂ ਦੇ ਨਾਲ-ਨਾਲ ਸਿਆਸੀ ਨੇਤਾਵਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।