ਮਹਾਰਾਸ਼ਟਰ ਵਿੱਚ, ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ। ਇਸੇ ਵਿਚਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਵਿਚ ਇਕ ਵਫਦ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲਿਆ। ਉਨ੍ਹਾਂ ਦਾ ਦਾਅਵਾ ਹੈ ਕਿ ਮੁਲਾਕਾਤ ਤੋਂ ਬਾਅਦ ਸਰਕਾਰ ਨੇ ਆਪਣਾ ਫ਼ੈਸਲਾ ਬਦਲਿਆ ਹੈ। ਵਫਦ ਨਾਲ ਗਏ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਕ ਗ਼ੈਰ-ਸਿੱਖ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਪ੍ਰਬੰਧਕ ਨਿਯੁਕਤ ਕਰਨ ’ਤੇ ਸਿੱਖ ਕੌਮ ਬਹੁਤ ਪ੍ਰੇਸ਼ਾਨ ਸੀ।
ਇਸਦੀ ਸ਼ਿਕਾਇਤ ਉਨ੍ਹਾਂ ਉਪ-ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕਰ ਕੇ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਰੁਟੀਨ ਮਾਮਲੇ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਨੂੰ ਪ੍ਰਬੰਧਕ ਲਾਇਆ ਗਿਆ ਹੈ। ਉਪ ਮੁੱਖ ਮੰਤਰੀ ਨੇ ਤੁਰੰਤ ਡਾ. ਵਿਜੈ ਸਤਬੀਰ ਸਿੰਘ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਨਵਾਂ ਪ੍ਰਬੰਧਕ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦਾ ਵੱਡਾ ਮਸਲਾ ਬਣ ਗਿਆ ਸੀ। ਹੁਣ ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਅਸੀਂ ਰਾਹਤ ਮਹਿਸੂਸ ਕਰ ਰਹੇ ਹਾਂ ਕਿਉਂਕਿ ਇਕ ਸਿੱਖ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ। ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਮਾਮਲਾ ਸਿੱਖਾਂ ਵਿਚ ਵੱਡੀ ਚਿੰਤਾ ਦਾ ਵਿਸ਼ਾ ਸੀ ਕਿਉਂਕਿ ਸਿਰਫ਼ ਸਿੱਖ ਹੀ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਜਾਣੂ ਹੁੰਦੇ ਹਨ।
ਦੱਸਣਯੋਗ ਹੈ ਕਿ ਸਰਕਾਰ ਨੇ ਨਾਂਦੇੜ ਦੇ ਕੁਲੈਕਟਰ ਅਭਿਜੀਤ ਰਾਓਤ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ ਪਰ ਸਿੱਖਾਂ ਦੇ ਭਾਰੀ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਲਿਆ। ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਗੈਸ ਸਿੱਖ ਨੂੰ ਸਿੱਖ ਸੰਸਥਾ ਦਾ ਪ੍ਰਬੰਧਕ ਨਿਯੁਕਤ ਕਰਨ ਦਾ ਵਿਰੋਧ ਕੀਤਾ ਸੀ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਸੀ ਕਿ ਉਨ੍ਹਾਂ ਦੀ ਸੰਸਥਾ ਵਿੱਚ ਇੱਕ ਗੈਰ-ਸਿੱਖ ਅਧਿਕਾਰੀ ਅਭਿਜੀਤ ਰਜਿੰਦਰ ਰਾਊਤ ਨੂੰ ਪ੍ਰਬੰਧਕ ਨਿਯੁਕਤ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਸਿੱਖ ਮਰਿਆਦਾ ਦੇ ਵੀ ਖ਼ਿਲਾਫ਼ ਹੈ। ਜਿਸ ਵਿਅਕਤੀ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਅਤੇ ਉੱਪਰੋਂ ਵਾਲ ਨਾ ਰੱਖਣ ਕਾਰਨ ਨਿਘਾਰ ਹੈ, ਉਸ ਨੂੰ ਸੰਸਥਾ ਦਾ ਪ੍ਰਬੰਧਕ ਕਿਵੇਂ ਬਣਾਇਆ ਜਾ ਸਕਦਾ ਹੈ।