ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਦੌਰਾਨ ਸਿਆਸੀ ਆਗੂਆਂ ਦੀ ਅਦਲਾ-ਬਦਲੀ ਦਾ ਦੌਰ ਵੀ ਜਾਰੀ ਹੈ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਖ਼ਤ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵੱਜੋਂ ਖੜ੍ਹੇ ਹੋਏ ਹਨ।
ਉਹ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਇਹ ਚਰਚਾਵਾਂ ਵੀ ਚੱਲ ਰਹੀਆਂ ਸਨ ਕਿ ਚਰਨਜੀਤ ਸਿੰਘ ਅਟਵਾਲ ਆਪਣੇ ਪੁੱਤਰ ਦੇ ਪ੍ਰਚਾਰ ਲਈ ਜਲੰਧਰ ਪੁੱਜਣਗੇ ਜਾਂ ਨਹੀਂ ਕਿਉਂਕਿ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ।