ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈਕੇ ਦੇਸ਼ ਦੇ ਚੋਟੀ ਦੇ ਪਹਿਲਵਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਸਰਕਾਰ ਨੇ ਭਰੋਸਾ ਦਵਾਇਆ ਸੀ ਕਿ ਇਸ ਮਾਮਲੇ ਵਿੱਚ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਵਾਅਦੇ ਮੁਤਾਬਕ ਦਿੱਲੀ ਪੁਲਿਸ ਨੇ ਵੀਰਵਾਰ (15 ਜੂਨ) ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਛੇ ਬਾਲਗ ਪਹਿਲਵਾਨਾਂ ਦੇ ਦੋਸ਼ਾਂ ਦੇ ਮਾਮਲੇ ਵਿੱਚ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਤਾਂ ਦਾਖ਼ਲ ਕੀਤੀ ਹੈ, ਪਰ ਉਥੇ ਹੀ ਦੂਜੇ ਪਾਸੇ ਪੁਲਿਸ ਨੇ ਸਿੰਘਖਿਲਾਫ ਪੋਕਸੋ ਦੇ ਤਹਿਤ ਦੋਸ਼ਾਂ ਨੂੰ ਰੱਦ ਕਰਨ ਦੀ ਸਿਫਾਰਿਸ਼ ਕੀਤੀ ਅਤੇ ਜਿਨਸੀ ਸ਼ੋਸ਼ਣ ਅਤੇ ਪਿੱਛਾ ਕਰਨ ਦੇ ਦੋਸ਼ਾਂ ‘ਤੇ ਚਾਰਜਸ਼ੀਟ ਦਾਇਰ ਕੀਤੀ। ਦਿੱਲੀ ਪੁਲਿਸ ਵੱਲੋਂ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਹਾਊਸ ਕੋਰਟ ‘ਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਗਈ ਹੈ।
ਇਸ ਤੋਂ ਬਾਅਦ ਹੁਣ ਪਹਿਲਵਾਨ ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਉਹਨਾਂ ਨੇ ਨੌਜਵਾਨ ਕਵੀ ਪੁਸ਼ਿਆਮਿਤਰਾ ਉਪਾਧਿਆਏ ਦੀ ਮਸ਼ਹੂਰ ਕਵਿਤਾ ‘ਸੁਨੋ ਦ੍ਰੋਪਦੀ ਸ਼ਾਸਤਰ ਉਠਾ ਲੋ’ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ।
ਦਸ ਦਈਏ ਕਿ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ, ਓਲੰਪੀਅਨ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਕਈ ਦਿੱਗਜ ਪਹਿਲਵਾਨ ਲੰਬੇ ਸਮੇਂ ਤੋਂ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲੱਗੇ ਹਨ।