ਖਾਲਸਾ ਪੰਥ ਦੇ ਕੌਮੀ ਅਤੇ ਪਵਿੱਤਰ ਤਿਓਹਾਰ ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਅੱਜ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਥੇ ਦਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪਰਿਵਾਰ ਵਲੋਂ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਜਿਸ ਵਿਚ ਵੱਡੀ ਗਿਣਤੀ ‘ਚ ਸੰਗਤ ਪਹੁੰਚੀ ਅਤੇ ਕਈ ਸਿਆਸੀ ਨੇਤਾਵਾਂ ਵਲੋਂ ਵੀ ਸ਼ਿਰਕਤ ਕੀਤੀ ਗਈ ਸੀ। ਦਸਣਯੋਗ ਹੈ ਕਿ ਪਰਿਵਾਰਕ ਮੈਂਬਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਵੱਲੋਂ ਸਤਲੁਜ ਦਰਿਆ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਵਿਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਨ ਲਈ ਪਰਿਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਮਿਲਿਆ।
ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਹੋਈ ਹੈ ਅਤੇ ਉਨ੍ਹਾਂ ਦੇ ਘਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਹਾਜ਼ਰੀ ਲਗਵਾਈ ਸੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਵਲੋਂ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ ਹੈ। ਜਿਸ ‘ਤੇ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਦੀ ਮੌਜੂਦਗੀ ਵਿਚ ਇਸ ‘ਤੇ ਵਿਚਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ੀ ਕਰਦੇ ਹੋਏ ਨੌਜਵਾਨਾਂ ਨੂੰ ਰੋਕਣ ਲਈ ਆਪਸ ਵਿਚ ਦੋ ਧਿਰਾਂ ਵਿਚਕਾਰ ਤਕਰਾਰ ਹੋ ਗਈ ਸੀ, ਜਿਸ ਵਿੱਚ ਨੁਕੀਲੀ ਚੀਜ਼ ਲੱਗਣ ਨਾਲ ਨਿਹੰਗ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਸੀ।