Sanyukt Kisan Morcha Fateh Diwas: ਸੰਯੁਕਤ ਕਿਸਾਨ ਮੋਰਚਾ ਨੇ 19 ਨਵੰਬਰ ਨੂੰ ‘ਫਤਿਹ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਵੀਰਵਾਰ (17 ਨਵੰਬਰ) ਨੂੰ ਕਿਹਾ ਕਿ 19 ਨਵੰਬਰ ਨੂੰ ਜਿੱਤ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ ਕੇਂਦਰ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਸਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਬਾਰੇ ਫੈਸਲਾ ਕਰਨ ਲਈ 8 ਦਸੰਬਰ ਨੂੰ ਕਰਨਾਲ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚੇ ਨੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕੀਤਾ ਸੀ। ਕਿਸਾਨਾਂ ਨੇ ਨਵੰਬਰ 2020 ਵਿੱਚ ਅੰਦੋਲਨ ਸ਼ੁਰੂ ਕੀਤਾ ਸੀ। ਇਸ ਅੰਦੋਲਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਮੌਤ ਵੀ ਹੋਈ। ਕਿਸਾਨ ਅੰਦੋਲਨ ਦੇ ਲਗਭਗ ਇੱਕ ਸਾਲ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂਪੁਰਬ ਦੇ ਸ਼ੁਭ ਮੌਕੇ ‘ਤੇ 2021 ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ।
ਦੇਸ਼ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਦਾਅਵਾ ਕੀਤਾ ਸੀ ਕਿ ਇਸ ਕਾਨੂੰਨ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਮੈਂ ਦੇਸ਼ ਤੋਂ ਮੁਆਫੀ ਮੰਗਦਾ ਹਾਂ, ਕਿਉਂਕਿ ਅਜਿਹਾ ਲੱਗਦਾ ਹੈ ਕਿ ਸਾਡੇ ਯਤਨਾਂ ‘ਚ ਕੁਝ ਕਮੀ ਸੀ, ਜਿਸ ਕਾਰਨ ਅਸੀਂ ਕੁਝ ਕਿਸਾਨਾਂ ਨੂੰ ਮਨਾਉਣ ‘ਚ ਅਸਮਰਥ ਰਹੇ। ਉਨ੍ਹਾਂ ਕਿਹਾ ਸੀ ਕਿ ਮੈਂ ਸਾਰਿਆਂ ਨੂੰ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੈਨੂੰ ਉਮੀਦ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਹੁਣ ਆਪਣੇ ਘਰਾਂ ਨੂੰ ਪਰਤਣਗੇ, ਆਪਣੇ ਖੇਤਾਂ ਨੂੰ ਪਰਤਣਗੇ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ (Farmers Protest) ਖਤਮ ਕਰ ਦਿੱਤਾ ਸੀ।