ਹਰਿਆਣਾ ਤੋਂ ਭਾਜਪਾ ਲਈ ਬੇਹੱਦ ਦੁਖਦ ਭਰੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਹੈ। ਕਟਾਰੀਆ ਨੇ ਬੀਤੀ ਰਾਤ ਪੀ. ਜੀ. ਆਈ. ‘ਚ ਆਖ਼ਰੀ ਸਾਹ ਲਏ। ਇਥੇ ਦਸਣਾ ਬਣਦਾ ਹੈ ਕਿ ਮਰਹੂਮ ਰਤਨ ਲਾਲ ਕਟਾਰੀਆ ਅੰਬਾਲਾ ਜ਼ਿਲ੍ਹੇ ਤੋਂ ਭਾਜਪਾ ਦੇ ਸੰਸਦ ਮੈਂਬਰ ਸਨ। ਉਹ ਪਿਛਲੇ ਕਈ ਦਿਨਾਂ ਤੋਂ ਪੀ. ਜੀ. ਆਈ. ‘ਚ ਦਾਖ਼ਲ ਸਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਸਮੇਤ ਦਿੱਗਜ਼ ਆਗੂਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਸੀ।
ਰਤਨ ਲਾਲ ਕਟਾਰੀਆ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪੀ. ਜੀ. ਆਈ. ਤੋਂ ਪੰਚਕੂਲਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਜਾਇਆ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਪੰਚਕੂਲਾ ਐੱਮ. ਡੀ. ਸੀ. ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ।
ਦੁਪਹਿਰ ਨੂੰ ਮਨੀਮਾਜਰਾ ਸਥਿਤ ਸ਼ਮਸ਼ਾਨਘਾਟ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਰਿਹਾਇਸ਼ ‘ਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਪੁੱਜੇ ਹਨ, ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਥੋੜ੍ਹੀ ਦੇਰ ‘ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜਣਗੇ।