ਪਿਛਲੇ ਕਰੀਬ ਇਕ ਹਫਤੇ ਤੋਂ ਆਪਣੀ ਹੱਕੀ ਮੰਗਾਂ ਲਈ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਗਾਕੇ ਬੈਠੇ 108 ਐਂਬੂਲੈਂਸ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਬੁੱਧਵਾਰ ਰਾਤ ਨੂੰ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਜਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਚੰਡੀਗੜ੍ਹ ਪੰਜਾਬ ਭਵਨ ‘ਚ ਹੋਈ।
ਇਸ ‘ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ, ਆਈ. ਜੀ. ਜਸਕਰਨ ਸਿੰਘ ਸਮੇਤ ਕਈ ਅਧਿਕਾਰੀ ਸ਼ਾਮਲ ਸਨ, ਜਿਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਲੀ ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਆਉਣ ਵਾਲੇ ਦਿਨਾਂ ‘ਚ ਹੋਵੇਗੀ ਕਿਉਂਕਿ ਬਾਕੀ ਰਹਿੰਦੀਆਂ ਮੰਗਾਂ ਨੂੰ ਮੰਨਣ ਦਾ ਸਰਕਾਰ ਨੇ ਭਰੋਸਾ ਦਿੱਤਾ ਹੈ।