ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਤੋਂ ਪਹਿਲਾਂ ਹੀ ਹਲ-ਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਖੜਗੇ ਨਾਲ ਮੁਲਾਕਾਤ ਦੌਰਾਨ ਨਵਜੋਤ ਕੌਰ ਨੇ AICC ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਨਵਜੋਤ ਕੌਰ ਸਿੱਧੂ ਨੇ ਉਕਤ ਨੇਤਾਵਾਂ ਨਾਲ 10 ਜਨਪਥ, ਨਵੀਂ ਦਿੱਲੀ ਵਿਖੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੌਤਮ ਸੇਠ ਵੀ ਮੌਜੂਦ ਰਹੇ।
ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ਵਿਚ ਖ਼ਾਸ ਤੌਰ ‘ਤੇ ਪੰਜਾਬ ਕਾਂਗਰਸ ਵਿਚ ਹਲ-ਚਲ ਤੇਜ਼ ਹੋਣ ਦਾ ਕਾਰਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚੋਂ ਰਿਹਾਈ ਹੈ। ਮੰਨਿਆ ਜਾ ਰਿਹਾ ਹੈ ਕਿ 26 ਜਨਵਰੀ ਨੂੰ ਸਿੱਧੂ ਜੇਲ੍ਹ ਵਿਚੋਂ ਰਿਹਾਅ ਹੋ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਦੀ ਲੀਡਰਸ਼ਿਪ ਵਲੋਂ ਸਿੱਧੂ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਸਿੱਧੂ ਦੇ ਰਾਹੁਲ ਗਾਂਧੀ ਦੀ ਸ਼੍ਰੀਨਗਰ ਰੈਲੀ ਵਿਚ ਜਾਣ ‘ਤੇ ਵਿਚਾਰ-ਚਰਚਾ ਵੀ ਸੰਭਵ ਹੈ, ਕਿਉਂਕਿ ਪਟਿਆਲਾ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਸੱਦਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ ਨੇ ਨਵਜੋਤ ਸਿੱਧੂ ਨੂੰ ਰਿਹਾਈ ਉਪਰੰਤ 30 ਜਨਵਰੀ ਨੂੰ ਕਸ਼ਮੀਰ ’ਚ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਦੌਰਾਨ ਝੰਡਾ ਚੜ੍ਹਾਉਣ ਵਾਲੇ ਕਾਰਜ ਲਈ ਸੱਦਾ ਪੱਤਰ ਭੇਜਿਆ ਹੈ।