ਪੰਜਾਬ ਦੀ ਮਾਨ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਲਗਾਤਾਰ ਵੱਡੇ-ਵੱਡੇ ਐਕਸ਼ਨ ਲੈ ਰਹੀ ਹੈ। ਹਾਲ ਹੀ ਵਿਚ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਨੂੰ ਲੇਕੇ ਇਕ ਹੋਰ ਸਖ਼ਤ ਫੈਸਲਾ ਲਿਆ ਗਿਆ ਹੈ। ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿਚ ਆਇਆ ਹੈ ਕਿ ਪੰਜਾਬ ਭਰ ਦੇ ਫੀਲਡ ਦਫ਼ਤਰਾਂ ਵਿਚ ਕੁਝ ਮੁਲਾਜ਼ਮ ਦੇਰੀ ਨਾਲ ਆ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਇਹਨਾਂ ਮੁਸ਼ਕਿਲਾਂ ਦਾ ਹੱਲ ਕਰਨ ਕਈ ਹੁਣ ਇਹ ਤਹਿ ਕੀਤਾ ਗਿਆ ਹੈ ਕਿ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੀਟ੍ਰਿਕ ਮਸ਼ੀਨਾਂ ’ਤੇ ਲਗਾਈ ਜਾਵੇਗੀ।
ਉਨ੍ਹਾਂ ਹਦਾਇਤ ਕੀਤੀ ਕਿ ਬਾਇਓਮੀਟ੍ਰਿਕ ਮਸ਼ੀਨਾਂ 28 ਫਰਵਰੀ, 2023 ਤੱਕ ਵਿਭਾਗ ਦੇ ਸਾਰੇ ਫੀਲਡ ਦਫ਼ਤਰਾਂ ਵਿਚ ਲਗਾਈਆਂ ਜਾਣਗੀਆਂ ਤਾਂ ਜੋ 1 ਮਾਰਚ, 2023 ਤੋਂ ਹਾਜ਼ਰੀ ਬਾਇਓਮੀਟ੍ਰਿਕ ਮਸ਼ੀਨਾਂ ‘ਤੇ ਲਗਾਉਣਾ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕੇ ਗਏ ਹਨ।