ਆਪਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਭਾਰਤ ਦੇ ਵਿਚ ਬੈਨ ਹੋ ਗਿਆ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉੱਤਰ ਆਈਆਂ ਹਨ। ਮੇਰੀ ਭਗਵੰਤ ਮਾਨ ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜੋ ਜਥੇਦਾਰ ਹਰਪ੍ਰੀਤ ਸਿੰਘ ਲਈ ਸ਼ਬਦਾਵਲੀ ਵਰਤੀ ਸੀ ਉਸ ਨੂੰ ਲੈਕੇ ਸੁਖਬੀਰ ਸਿੰਘ ਨੇ ਬਾਦਲ ਨੇ ਕਿਹਾ ਕਿ ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ ਹੈ ਕਿ ਦਿੱਲੀ ਬੈਠੀ ਸਿੱਖ ਵਿਰੋਧੀ ਲਾਬੀ ਦੀ ਸ਼ਹਿ ਅਤੇ ਬੇਗਾਨਿਆਂ ਦੀ ਚੁੱਕ ਵਿੱਚ ਆਕੇ ਉਹ ਗੁਰੂ ਘਰ ਨਾਲ ਹੀ ਮੱਥਾ ਲਾਉਣ ਦੀ ਹਿਮਾਕਤ ਕਰ ਬੈਠਾ ਹੈ। ਇਸ ਦਾ ਹਸ਼ਰ ਵੀ ਉਹੀ ਹੋਵੇਗਾ ਜੋ ਸਿੱਖ ਇਤਿਹਾਸ ਵਿੱਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ। ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਆਪਣੀ ਇਸ ਮੂਰਖਾਨਾ ਧਾਰਮਿਕ ਅਵੱਗਿਆ ਦੇ ਪਸ਼ਚਾਤਾਪ ਵੱਜੋਂ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲਵੇ।
ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’