ਜਿਥੇ ਇਕ ਪਾਸੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸਤ ਗਰਮਾਈ ਹੋਈ ਹੈ। ਉਥੇ ਹੀ ਦੂਜੇ ਪਾਸੇ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ‘ਤੇ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਪ੍ਰਤੀਕਰਮ ਸਾਂਝਾ ਕੀਤਾ ਹੈ। ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਖ਼ਾਸ ਤੌਰ ’ਤੇ ਜਲੰਧਰ ਜ਼ਿਮਣੀ ਚੋਣ ਦੇ ਐਲਾਨ ਤੋਂ ਬਾਅਦ ਵਾਪਰੀਆਂ ਘਟਨਾਵਾਂ ਦੇ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਧਾਰਨਾ ਹੈ ਜਿਸ ਨੂੰ ਵੇਖਦਿਆਂ ਇਸ ਮਾਮਲੇ ’ਤੇ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਤਰਜੀਹੀ ਤੌਰ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਤੋਂ ਇਹ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਬਾਦਲ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਸ ਸਾਜ਼ਿਸ਼ ਪਿੱਛੇ ਮਾਸਟਰਮਾਈਂਡ ਨੂੰ ਬੇਨਕਾਬ ਕਰ ਕੇ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਇਨ੍ਹਾਂ ਸਾਜ਼ਿਸ਼ਾਂ ਨੂੰ ਸਿਰੇ ਚੜ੍ਹਾਉਣ ਪਿੱਛੇ ਕਿਸ ਦਾ ਹੱਥ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਮੁਖੀ ਨੇ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੂੰ ਆਖਿਆ ਕਿ ਉਹ ਪੁਲਸ ਵੱਲੋਂ ਵਿੱਢੀ ਮੁਹਿੰਮ, ਇਸ ਦੇ ਅਖੌਤੀ ਸਿਖ਼ਰ ਤੇ ਇਸ ਦੇ ਨਾਲ ਹੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਤੇ ਪ੍ਰਗਟ ਕੀਤੇ ਜਾ ਰਹੇ ਸ਼ੰਕਿਆਂ ਨੂੰ ਦੂਰ ਕਰਨ ਵਾਸਤੇ ਸਪੱਸ਼ਟ ਬਿਆਨ ਜਾਰੀ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਇਨ੍ਹਾਂ ਘਟਨਾਵਾਂ ਵਿਚ ਸਰਕਾਰ ਵੱਲੋਂ ਪੇਸ਼ ਪੱਖ ’ਤੇ ਵਿਸ਼ਵਾਸ ਨਹੀਂ ਕਰ ਰਿਹਾ। ਲੋਕਾਂ ਨੂੰ ਸ਼ੱਕ ਹੈ ਕਿ ਜਲੰਧਰ ਜ਼ਿਮਨੀ ਚੋਣ ਦੇ ਨਾਲ-ਨਾਲ ਦੇਸ਼ ਵਿਚ ਹੋਣ ਵਾਲੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨ ਵਾਸਤੇ ਕੋਈ ਲੁਕਵੀਂ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਠੋਸ ਤੇ ਤੱਥਾਂ ’ਤੇ ਆਧਾਰਿਤ ਸਬੂਤਾਂ ਨਾਲ ਇਹ ਤੌਖਲੇ ਦੂਰ ਕਰਨੇ ਚਾਹੀਦੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਪ੍ਰਸ਼ਾਸਨ ਚਲਾਉਣ ਤੇ ਸ਼ਾਂਤੀ, ਫਿਰਕੂ ਸਦਭਾਵਨਾ ਕਾਇਮ ਰੱਖਣ ਤੇ ਵਿਕਾਸ ਕਰਨ ਵਿਚ ਫੇਲ੍ਹ ਹੋਣ ਕਾਰਨ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਵਾਰ-ਵਾਰ ਡਰਾਮੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਦੇ ਮੰਤਰੀ ਤੇ ਵਿਧਾਇਕ ਦੇਹ ਵਪਾਰ ਦੇ ਸ਼ਰਮਨਾਕ ਧੰਦੇ ਵਿਚ ਸ਼ਾਮਲ ਜਾਂ ਫਿਰ ਰਿਸ਼ਵਤ ਲੈਂਦੇ ਰੰਗੇ ਹੱਥ ਫੜੇ ਜਾਂਦੇ ਹਨ ਜਾਂ ਫਿਰ ਜੇਲ੍ਹਾਂ ਵਿਚੋਂ ਗੈਂਗਸਟਰ ਇੰਟਰਵਿਊ ਦਿੰਦੇ ਹਨ ਤੇ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ‘ਆਪ’ ਸਰਕਾਰ ਇਕ ਜਾਂ ਦੂਜਾ ਤਮਾਸ਼ਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬਿਸ਼ਨੋਈ ਮਾਮਲੇ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਸਰਕਾਰ ਨੇ ਸਿੱਖ ਨੌਜਵਾਨਾਂ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਗੂਆਂ ਦੀ ਜਿਸਮ ਫਰੋਸ਼ ਦੇ ਧੰਦੇ ਵਿਚ ਸ਼ਮੂਲੀਅਤ ਦੇ ਦੋਸ਼ ਲੱਗਣ ਤੋਂ ਬਾਅਦ ਇਸ ਨੇ ਇਕ ਹੋਰ ਡਰਾਮਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਗੱਲ ਹੈ ਕਿ ਲੋਕਾਂ ਨੂੰ ਸ਼ੱਕ ਹੋਵੇਗਾ ਹੀ ਕਿ ਮੋਰਿੰਡਾ ਵਿਚ ਵਪਾਰੇ ਬੇਅਦਬੀ ਮਾਮਲੇ ਦਾ ਸਰਕਾਰ ਨਾਲ ਕੋਈ ਸਰੋਕਾਰ ਹੈ ਕਿਉਂਕਿ ਰੋਡੇ ਵਿਚ ਵਾਪਰੇ ਘਟਨਾਕ੍ਰਮ ਵਿਚ ਸਰਕਾਰ ਦਾ ਪੱਖ ਸਵਾਲੀਆ ਨਿਸ਼ਾਨਾਂ ਹੇਠ ਹੈ। ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਨੂੰ ਮੁੜ ਲਾਂਬੂ ਲਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣਨ ਦਾ ਹੱਥ ਹੈ ਕਿ ਇਨ੍ਹਾਂ ਸਾਜ਼ਿਸ਼ਾਂ ਪਿੱਛੇ ਕਿਸ ਦਾ ਹੱਥ ਹੈ।