2015 ‘ਚ ਵਾਪਰੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ‘ਸਿੱਟ’ ਨੇ 7 ਹਜ਼ਾਰ ਪੰਨਿਆਂ ਦਾ ਚਲਾਨ ਫਰੀਦਕੋਟ ਅਦਾਲਤ ’ਚ ਪੇਸ਼ ਕੀਤਾ ਸੀ ਜਿਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਸਮੇਤ ਅਨੇਕਾਂ ਉੱਚ ਪੁਲਸ ਅਫਸਰਾਂ ਦੇ ਨਾਂ ਵੀ ਉਸ ’ਚ ਸ਼ਾਮਲ ਸਨ। ਇਸ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਸੀ ਅਤੇ ਅਕਾਲੀਆਂ ਵਲੋਂ ਇਸ ਚਾਰਜਸ਼ੀਟ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਗਿਆ ਸੀ। ਪਰ ਹੁਣ ਉਸ ਬਾਦਲਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦਿੱਤੀਆਂ ਜਦੋਂ ਅਦਾਲਤ ਨੇ ਉਕਤ ਕੇਸ ਦੀ ਸੁਣਵਾਈ ਕਰਦਿਆਂ 23 ਮਾਰਚ ਲਈ ਚਲਾਨ ਰਿਪੋਰਟਾਂ ’ਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ’ਚ ਤਲਬ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਚਲਾਨ ਰਿਪੋਰਟਾਂ ’ਚ ‘ਸਿਟ’ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਗੋਲੀਕਾਂਡ ਵਾਲੀ ਘਟਨਾ ਦੇ ਮੁੱਖ ਸਾਜ਼ਿਸ਼ਘਾੜੇ ਦੱਸਿਆ ਗਿਆ ਸੀ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ ਮਦਦਗਾਰ ਵਜੋਂ ਨਾਮਜ਼ਦ ਕੀਤਾ ਗਿਆ। ਹੁਣ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਸਮੇਤ ਪਰਮਰਾਜ ਉਮਰਾਨੰਗਲ, ਅਮਰ ਸਿੰਘ ਚਾਹਲ, ਸੁਖਮੰਦਰ ਸਿੰਘ ਮਾਨ, ਚਰਨਜੀਤ ਸ਼ਰਮਾ, ਗੁਰਦੀਪ ਸਿੰਘ ਪੰਧੇਰ ਆਦਿ ਨੂੰ 23 ਮਾਰਚ ਲਈ ਸੰਮਨ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਵਜੋਂ ਨਾਮਜ਼ਦ ਕੀਤੇ ਗਏ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਐੱਸ. ਐੱਸ. ਪੀ. ਸੁਖਮੰਦਰ ਸਿੰਘ ਮਾਨ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ।