ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਜਿਥੇ ਪੰਜਾਬ ਪੁਲਿਸ ਉਸਦੇ ਸਾਥੀਆਂ ਅਤੇ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਰਹੀ ਸੀ ਉਥੇ ਹੀ ਇਹ ਵੀ ਇਲਜ਼ਾਮ ਲੱਗੇ ਸੀ ਕਿ ਪੁਲਿਸ ਕੁਝ ਅਜਿਹੇ ਸਿੱਖ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕਰ ਰਹੀ ਹੈ ਜਿੰਨਾਂ ਦਾ ਇਸ ਮਾਮਲੇ ਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜਿਸ ਤੋਂ ਬਾਅਦ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ।
ਕਾਫੀ ਸਮਾਂ ਚੱਲੀ ਇਸ ਮੀਟਿੰਗ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਫੈਸਲਾ ਆ ਚੁੱਕਾ ਹੈ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ ਹੋ ਰਹੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ 29 ਮਾਰਚ ਨੂੰ ਦੇਸ਼-ਵਿਦੇਸ਼ ਦੇ ਸਿੱਖ ਆਪਣੇ ਵਾਹਨਾਂ ਉੱਪਰ ਮਹਾਰਾਜਾ ਰਣਜੀਤ ਸਿੰਘ ਵੇਲੇ ਦਾ ਕੇਸਰੀ ਨਿਸ਼ਾਨ ਲਾਉਣ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਜਿਹੜੇ ਨਿਊਜ਼ ਚੈਨਲਾਂ ਨੇ ਸਿੱਖ ਕੌਮ ਬਾਰੇ ਗਲਤ ਖਬਰਾਂ ਨਸ਼ਰ ਕੀਤੀਆਂ, ਉਨ੍ਹਾਂ ਖਿਲਾਫ ਕੇਸ ਕੀਤਾ ਜਾਏਗਾ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਵਿੱਚ ਜਥੇਬੰਦੀਆਂ ਦੇ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਮੈਂਬਰ ਵੀ ਪੁੱਜੇ ਹਨ।