ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਹੁਣ ਇਸਦਾ ਦੂਜਾ ਸੀਜ਼ਨ 29 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਦੀ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਸਾਂਝੀ ਕੀਤੀ ਹੈ। ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਸ਼ਾਮਲ ਕੀਤੀਆਂ ਹਨ। 35 ਖੇਡਾਂ ਵਿੱਚ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਦਸ ਦਈਏ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾਕੇ ਖੇਡਾ ਵੱਲ ਲਗਾਉਣ ਲਈ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਖੇਡਾ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿਚ ਅਨੇਕਾਂ ਖਿਡਾਰੀਆਂ ਨੇ ਹਿੱਸਾ ਲੈਕੇ ਇਨਾਮ ਵੀ ਜਿੱਤੇ ਸਨ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ, ਜਿਸ ਉੱਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।
ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ, ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫ਼ਤੇ ਵਿਚ ਸੂਬੇ ਦੇ ਸਾਰੇ 23 ਜ਼ਿਲਾ ਹੈੱਡਕੁਆਰਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।