ਬਿਜਲੀ ਬਿੱਲ ਨਾ ਭਰਨ ਕਾਰਨ ਪਾਵਰਕਾਮ ਵੱਲੋਂ ਕੱਟੇ ਗਏ ਸਰਕਾਰੀ ਸਕੂਲਾਂ ਦੇ ਬਿਜਲੀ ਕੁਨੈਕਸ਼ਨ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਬਿਆਨ ਦਿੱਤਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਪਾਵਰਕਾਮ ਨੂੰ ਚਿੱਠੀ ਲਿਖਣਗੇ ਕਿ ਸਕੂਲਾਂ ਦੇ ਬਿਜਲੀ ਕੁਨੈਕਸ਼ਨ ਨਾ ਕੱਟੇ ਜਾਣ ਕਿਉਂਕਿ ਪ੍ਰੀਖਿਆ ਦੇ ਦਿਨ ਹਨ ਅਤੇ ਬੱਚਿਆਂ ਦੀ ਪੜ੍ਹਾਈ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਦਾ ਬਿੱਲ ਨਹੀਂ ਭਰਿਆ ਗਿਆ ਹੈ ਤਾਂ ਉਹ ਉਸਦਾ ਬਿੱਲ ਆਪਣੀ ਤਨਖ਼ਾਹ ‘ਚੋਂ ਜਾਂ ਆਪਣੀ ਜੇਬ ‘ਚੋਂ ਦੇਣਗੇ ਪਰ ਸਕੂਲ ਦਾ ਕੁਨੈਕਸ਼ਨ ਕੱਟਣ ਨਹੀਂ ਦੇਣਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਇਸ ਬਾਰੇ ਮੁੱਖ ਮੰਤਰੀ ਨਾਲ ਵੀ ਗੱਲ ਕਰਨਗੇ।
ਦਰਅਸਲ ਲੁਧਿਆਣਾ ਵਿਖੇ ਬੱਚਿਆਂ ਲਈ ਪਹਿਲੀ ਵਾਰ ਸੂਬਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ ਸੀ ਜਿਥੇ ਸਿੱਖਿਆ ਮੰਤਰੀ ਬੈਂਸ ਨੇ ਸ਼ਿਰਕਤ ਕੀਤੀ ਸੀ। ਇਸ ਦਰਮਿਆਨ ਉਹਨਾਂ ਨੇ ਜਲੰਧਰ ‘ਚ ਸਕੂਲ ਦੇ ਕੱਟੇ ਗਏ ਬਿਜਲੀ ਕੁਨੈਕਸ਼ਨ ਨੂੰ ਲੈ ਕੇ ਦਿੱਤੇ ਬਿਆਨ ਦੇ ਸਬੰਧ ਵਿਚ ਇਹ ਐਲਾਨ ਕੀਤਾ ਹੈ ਕਿ ਉਹ ਹੁਣ ਕਿਸੇ ਵੀ ਸਰਕਾਰੀ ਸਕੂਲ ‘ਚ ਬਿਜਲੀ ਦਾ ਕੁਨੈਕਸ਼ਨ ਨਹੀਂ ਕੱਟਣ ਦੇਣਗੇ1
ਦੱਸਣਯੋਗ ਹੈ ਕਿ ਗੁਰੂ ਨਾਨਕ ਸਟੇਡੀਅਮ ‘ਚ ਦਿਿਵਆਂਗ ਬੱਚਿਆਂ ਲਈ 2 ਦਿਨਾ ਸੂਬਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦਾ ਉਦਘਾਟਨ ਕਰਨ ਲਈ ਸਿੱਖਿਆ ਮੰਤਰੀ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਲਈ ਪਹਿਲੀ ਵਾਰ ਸੂਬਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਵੀ ਇਸੇ ਪੱਧਰ ‘ਤੇ ਸਾਹਮਣੇ ਆਵੇਗੀ, ਉਨ੍ਹਾਂ ਨੇ ਬੱਚਿਆਂ ਦਾ ਹੌਂਸਲਾ ਵਧਾਇਆ।