ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਗ੍ਰਿਫ਼ਤਾਰ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਅੱਜ ਪ੍ਰੋਡਕਸ਼ਨ ਵਾਰੰਟ ’ਤੇ ਚੰਡੀਗੜ੍ਹ ਲਿਆਂਦਾ ਜਾਵੇਗਾ। ਜਾਣਕਾਰੀ ਅਨੁਸਾਰ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਹਵਾਰਾ ਨੂੰ 2005 ਦੇ ਮਾਮਲੇ ‘ਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾ ਰਿਹਾ ਹੈ।
ਦੱਸ ਦੇਈਏ ਕਿ ਨਵੰਬਰ ਵਿੱਚ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਨੇ ਹਵਾਰਾ ਦੇ 17 ਦਸੰਬਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ। ਹਵਾਰਾ ‘ਤੇ 2005 ‘ਚ ਸੂਬੇ ਵਿਰੁੱਧ ਜੰਗ ਛੇੜਨ ਦੇ ਦੋ ਮਾਮਲੇ ਦਰਜ ਹਨ। ਨਵੰਬਰ ਵਿੱਚ ਅਦਾਲਤ ਨੇ ਕਿਹਾ ਸੀ ਕਿ ਜੇਕਰ ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੋਈ ਮੁਕੱਦਮਾ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਤਾਂ ਜੋ ਉਸ ਖ਼ਿਲਾਫ਼ ਮੁਕੱਦਮਾ ਅੱਗੇ ਵਧ ਸਕੇ।
ਜ਼ਿਕਰਯੋਗ ਹੈ ਕਿ ਐਂਟੀ ਟੈਰਰਿਸਟ ਫਰੰਟ ਇੰਡੀਆ ਹਵਾਰਾ ਨੂੰ ਦਿੱਲੀ ਤੋਂ ਚੰਡੀਗੜ੍ਹ ਸ਼ਿਫਟ ਕਰਨ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹਵਾਰਾ ਨੂੰ ਪੰਜਾਬ ਲਿਜਾਇਆ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ। ਇਹ ਵੀ ਦਲੀਲ ਦਿੱਤੀ ਗਈ ਹੈ ਕਿ ਹਵਾਰਾ ਦੀ ਅਦਾਲਤ ਵਿੱਚ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਚਾਹੀਦੀ ਹੈ। ਹਵਾਰਾ ਨੂੰ ਦਿੱਲੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਹੀ ਰੱਖਿਆ ਜਾਣਾ ਚਾਹੀਦਾ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕੀਤੀ ਜਾਵੇਗੀ।