ਅੱਜ ਪੰਜਾਬ ਭਰ ਦੇ ਵਿਚ ਫਿਰ ਟੋਲ ਪਲਾਜ਼ੇ ਬੰਦ ਕੀਤੇ ਗਏ, ਜਿਸ ਦੇ ਚੱਲਦਿਆਂ ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਿਸਾਨਾਂ ਵੱਲੋਂ ਜਜੀਆ ਟੈਕਸ ਲੈਣ ਦੇ ਵਿਰੋਧ ‘ਚ 12 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਧਰਨਾ ਲਾਇਆ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕਿਸਾਨ ਯੂਨੀਅਨ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਟੋਲ ਪਲਾਜ਼ਾ ‘ਤੇ 3 ਘੰਟੇ ਬਿਨਾਂ ਟੋਲ ਫ਼ੀਸ ਦੇ ਵਾਹਨਾਂ ਨੂੰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇਕਰ ਸਰਕਾਰ ਵਾਹਨ ਖਰੀਦਣ ਸਮੇਂ ਰੋਡ ਟੈਕਸ ਲੈ ਰਹੀ ਹੈ ਤਾਂ ਟੋਲ ਪਲਾਜ਼ਾ ‘ਤੇ ਟੋਲ ਕਿਸ ਗੱਲ ਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਗੈਰ-ਕਾਨੂੰਨੀ ਟੋਲ ਵਸੂਲੀ ਦਾ ਵਿਰੋਧ ਕਰਦੇ ਹਾਂ ਤੇ ਪੰਜਾਬ ‘ਚ ਟੋਲ ਪਲਾਜ਼ਾ ਬੰਦ ਰੱਖਾਂਗੇ। ਚਾਹੇ ਕਿੰਨਾ ਵੀ ਸਖ਼ਤ ਲੜਨੀ ਪਵੇ। ਦੱਸ ਦੇਈਏ ਕਿ ਲਾਡੋਵਾਲ ਟੋਲ ਪਲਾਜ਼ਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ, ਲੋਕਾਂ ਦਾ ਸਰਕਾਰ ਨੂੰ ਇਹੀ ਸਵਾਲ ਹੁੰਦੈ ਕਿ ਅਸੀਂ ਜਦੋਂ ਨਵੀਂ ਗੱਡੀ ਖ਼ਰੀਦਦੇ ਹਾਂ ਤਾਂ ਸਭ ਤੋਂ ਪਹਿਲਾਂ ਸਾਡੇ ਕੋਲੋਂ ਰੋਡ ਟੈਕਸ ਲਿਆ ਜਾਂਦਾ ਹੈ। ਫਿਰ ਇਹ ਟੋਲ ਪਲਾਜ਼ਾ ‘ਤੇ ਸਾਡੇ ਤੋਂ ਟੋਲ ਕਿਉਂ ਵਸੂਲਿਆ ਜਾ ਰਿਹਾ ਹੈ।
ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਵੱਲੋਂ ਪੰਜਾਬ ਦੇ ਟੋਲ ਪਲਾਜ਼ਾ ਬੰਦ ਕਰਵਾਉਣ ਲਈ 1 ਦਸੰਬਰ ਤੋਂ 15 ਜਨਵਰੀ ਤੱਕ ਮੋਗਾ-ਕੋਟਕਪੂਰਾ ਟੋਲ ਪਲਾਜ਼ਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਨੇ ਦਾ 21ਵਾਂ ਦਿਨ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਦੇ 31 ਟੋਲ ਪਲਾਜ਼ਿਆਂ ’ਤੇ ਧਰਨੇ ’ਤੇ ਪੁੱਜੇ ਕਿਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹੱਕ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਭਰ ਦੇ 31 ਟੋਲ ਪਲਾਜ਼ਿਆਂ ’ਤੇ ਪਹੁੰਚ ਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਉਨ੍ਹਾਂ ਦਾ ਸਮਰਥਨ ਕੀਤਾ।