12 ਜਨਵਰੀ ਨੂੰ ਲੁਧਿਆਣਾ ਵਿੱਚ ਪ੍ਰਵੇਸ਼ ਕਰ ਰਹੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਬੰਧ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੇ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਸੰਸਦ ਮੈਂਬਰ ਅਮਰ ਸਿੰਘ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 12 ਜਨਵਰੀ ਨੂੰ ਲੁਧਿਆਣਾ ਪਹੁੰਚ ਰਹੀ ਹੈ ਅਤੇ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ 11 ਦਸੰਬਰ ਦੀ ਰਾਤ ਨੂੰ ਹੀ ਲੁਧਿਆਣਾ ਪਹੁੰਚਣ ਲਈ ਕਿਹਾ ਗਿਆ ਹੈ।
ਇਸ ਮੌਕੇ ਅਮਰ ਸਿੰਘ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਂ ਪਹਿਲਾਂ ਹੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਪਰ ਜਿਹੜੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹੈ ਉਸ ਵੱਲੋਂ ਵੀ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਜਿਸ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨ ਸੜਕਾਂ ਅਤੇ ਟੋਲ ਪਲਾਜ਼ਿਆਂ ‘ਤੇ ਬੈਠਣ ਲਈ ਮਜਬੂਰ ਹਨ।
ਦੂਜੇ ਪਾਸੇ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਦੇਣ ਦੀ ਗੱਲ ਨਹੀਂ ਹੈ ਕਿਉਂਕਿ ਪੰਜਾਬ ਦਾ ਪਾਣੀ ਪਹਿਲਾਂ ਹੀ ਦੂਜੇ ਸੂਬਿਆਂ ਨੂੰ ਮੁਫਤ ‘ਚ ਵੰਡਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਅਤੇ ਮੁਕਤਸਰ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਖਿਲਾਫ ਲਿਖੇ ਨਾਅਰਿਆਂ ‘ਤੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ’ਚੋਂ ਗੋਲਕਾਂ ਚੁੱਕਣ ਦੇ ਮੁੱਦੇ ’ਤੇ ਜੋ ਬਿਆਨਬਾਜ਼ੀ ਕੀਤੀ ਗਈ ਸੀ ਉਸ ’ਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਕਿਸੇ ਧਰਮ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।