ਇਸ ਵੇਲੇ ਦੀ ਵੱਡੀ ਖ਼ਬਰ ਜ਼ੀਰਾ ਸ਼ਰਾਬ ਫੈਕਟਰੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ ਪੰਜਾਬ ਦਾ ਪਾਣੀ, ਪੰਜਾਬ ਦੀ ਹਵਾ ਅਤੇ ਪੰਜਾਬ ਦੀ ਧਰਤੀ ਦੀ ਸ਼ੁਦਤਾ ਲਈ ਤੇ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਮੈਂ ਐਲਾਨ ਕਰਦਾ ਕਿ ਮਾਲਬਰੋਜ਼ ਕੰਪਨੀ ਦੀ ਸ਼ਰਾਬ ਫੈਕਟਰੀ ਜੋ ਜ਼ੀਰਾ ਵਿਖੇ ਚਲ ਰਹੀ ਹੈ ਉਸਨੂੰ ਤੁਰੰਤ ਪ੍ਰਭਾਵ ਦੇ ਨਾਲ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕ ਹਿੱਤ ਵਿਚ ਇਕ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ‘ਚ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਦਸ ਦਈਏ ਕਿ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨ ਅਤੇ ਇਲਾਕਾ ਨਿਵਾਸੀ ਲਗਾਤਾਰ ਪਿਛਲੇ ਕਰੀਬ 6-7 ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਸੀ। ਉਹਨਾਂ ਦੇ ਇਲਾਜ਼ਾਮ ਸੀ ਕਿ ਫੈਕਟਰੀ ਦੇ ਵਿਚੋਂ ਨਿਕਲਣ ਵਾਲਾ ਗੰਦਲਾ ਪਾਣੀ ਅਤੇ ਧੂੰਆਂ, ਵਾਤਾਵਰਣ ਅਤੇ ਧਰਤੀ ਨੂੰ ਖ਼ਰਾਬ ਕਰ ਰਿਹਾ ਹੈ। ਇਸ ਸਬੰਧ ਵਿਚ ਲੋਕਾਂ ਦੀ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਵੀ ਹੋਈਆਂ ਪਰ ਬੇਸਿੱਟਾ ਰਹੀਆਂ ਪਰ ਹੁਣ ਅੱਜ ਮੁੱਖ ਮੰਤਰੀ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਦੇ ਨਾਲ ਬੰਦ ਹੋਵੇਗੀ ਜਿਸ ਦੇ ਉਹਨਾਂ ਨੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ।