ਟੋਕੀਓ ਓਲੰਪਿਕ ਵਿਚ ਬਰੋਂਜ਼ ਮੈਡਲ ਜੇਤੂ ਬਜਰੰਗ ਪੂਨੀਆ ਅਤੇ ਵਿਸ਼ਵ ਚੈਂਪੀਅਨਸ਼ਿਪ ਵਿਚ ਤਗਮਾ ਜੇਤੂ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵਲੋਂ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਤਾਨਾਸ਼ਾਹੀ ਰਵੱਈਏ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਖਿਲਾਫ ਲੰਘੇ ਬੁੱਧਵਾਰ ਨੂੰ ਜੰਤਰ-ਮੰਤਰ ‘ਤੇ ਦਿੱਤਾ ਜਾ ਰਿਹਾ ਧਰਨਾ-ਪ੍ਰਦਰਸ਼ਨ ਸ਼ੁੱਕਰਵਾਰ ਦੇਰ ਰਾਤ ਸਮਾਪਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਪਹਿਲੇ ਕਦਮ ਵਜੋਂ, ਭਾਰਤੀ ਕੁਸ਼ਤੀ ਸੰਘ (WFI) ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਣ ਸਿੰਘ ਨੂੰ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਤੋਂ ਵੱਖਰਾ ਕੀਤਾ ਜਾ ਰਿਹਾ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ 7 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਵਿਨੇਸ਼ ਫੋਗਾਟ, ਬੰਜਰਗ ਪੂਨੀਆ, ਸਾਕਸ਼ੀ ਮਲਿਕ ਅਤੇ ਰਵੀ ਦਹੀਆ ਸਮੇਤ ਪਹਿਲਵਾਨਾਂ ਨੇ ਆਪਣਾ ਧਰਨਾ ਖਤਮ ਕਰਨ ਦਾ ਫ਼ੈਸਲਾ ਕੀਤਾ। ਜ਼ਿਕਰਯੋਗ ਹੈ ਕਿ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਅਤੇ ਉਸ ਦੇ ਪ੍ਰਧਾਨ ‘ਤੇ ਜਿਨਸੀ ਸ਼ੋਸ਼ਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।
ਠਾਕੁਰ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਇਕ ਨਿਗਰਾਨ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੇ ਨਾਵਾਂ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਕਮੇਟੀ ਚਾਰ ਹਫ਼ਤਿਆਂ ਵਿਚ ਜਾਂਚ ਪੂਰੀ ਕਰੇਗੀ। ਇਹ WFI ਅਤੇ ਇਸ ਦੇ ਪ੍ਰਧਾਨ ਵਿਰੁੱਧ ਵਿੱਤੀ ਜਾਂ ਜਿਨਸੀ ਸ਼ੋਸ਼ਣ ਦੇ ਸਾਰੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰੇਗੀ। ਜਾਂਚ ਪੂਰੀ ਹੋਣ ਤਕ ਫੈਡਰੇਸ਼ਨ ਦੇ ਰੋਜ਼ਾਨਾ ਕੰਮ ਨਿਗਰਾਨ ਕਮੇਟੀ ਵੇਖੇਗੀ ਤੇ ਬ੍ਰਿਜਭੂਸ਼ਣ ਸਿੰਘ ਇਸ ਤੋਂ ਅਲੱਗ ਰਹਿਣ ਦੇ ਨਾਲ-ਨਾਲ ਜਾਂਚ ‘ਚ ਸਹਿਯੋਗ ਕਰਨਗੇ। ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਕੇਂਦਰੀ ਖੇਡ ਮੰਤਰੀ ਨੇ ਸਾਡੀਆਂ ਮੰਗਾਂ ਸੁਣੀਆਂ ਅਤੇ ਸਹੀ ਜਾਂਚ ਦਾ ਭਰੋਸਾ ਦਿੱਤਾ। ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਨਿਰਪੱਖ ਜਾਂਚ ਹੋਵੇਗੀ, ਇਸ ਲਈ ਅਸੀਂ ਵਿਰੋਧ ਵਾਪਸ ਲੈ ਰਹੇ ਹਾਂ।