ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜ਼ਬਰ-ਜ਼ਿਨਾਹ ਮਾਮਲੇ ਸਮੇਤ ਕਈ ਹੋਰ ਮਾਮਲਿਆਂ ਵਿੱਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਸਾਬਕਾ ਵਿਧਾਇਕ ਬੈਂਸ ਅੱਜ ਬਰਨਾਲਾ ਜੇਲ੍ਹ ‘ਚੋਂ ਬਾਹਰ ਆ ਗਏ ਹਨ। ਦਸ ਦਈਏ ਕਿ ਬੈਂਸ ਦੇ ਜੇਲ੍ਹ ਤੋਂ ਰਿਹਾਅ ਹੋਣ ਦੀ ਖ਼ਬਰ ਪਿਛਲੇ ਦਿਨੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਕੇ ਸਾਂਝੀ ਕੀਤੀ ਗਈ ਸੀ। ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ’ਤੇ ਉਹਨਾਂ ਦੇ ਸਮਰਥਕਾਂ ‘ਚ ਕਾਫੀ ਜੋਸ਼ ਤੇ ਉਤਸ਼ਾਹ ਵੀ ਵੇਖਣ ਨੂੰ ਮਿਲਿਆ ਹੈ। ਬੈਂਸ ਦਾ ਫੁੱਲਾਂ ਦੇ ਹਾਰ ਪਾਕੇ ਅਤੇ ਫੁੱਲਾਂ ਦੀ ਬਰਸਾਤ ਨਾਲ ਸੁਆਗਤ ਕੀਤਾ ਗਿਆ ਹੈ।
ਇਸ ਦੌਰਾਨ ਉਹਨਾਂ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ ਕਿ ਉਹ ਹਮੇਸ਼ਾ ਉਹਨਾਂ ਦੇ ਨਾਲ ਖੜ੍ਹੇ ਰਹੇ। ਨਾਲ ਹੀ ਬੈਂਸ ਨੇ ਕਿਹਾ ਕਿ ਉਹ ਹਾਈਕੋਰਟ ਦਾ ਵੀ ਧੰਨਵਾਦ ਕਰਦੇ ਹਨ ਜਿਸਨੇ ਸੱਚ ਦੇਖਿਆ ਅਤੇ ਟਿੱਪਣੀਆਂ ਤੋਂ ਬਾਅਦ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਬੈਂਸ ਨੇ ਕਿਹਾ ਕਿ ਜਿਹੜੇ ਲੋਕ ਮੈਨੂੰ ਧਮਕੀ ਦਿੰਦੇ ਹਨ ਮੈਂ ਉਹਨਾਂ ਤੋਂ ਡਰਨ ਵਾਲਾ ਨਹੀਂ ਹਾਂ, ਮੈਂ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਾਂਗਾ। ਦਸ ਦਈਏ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਚੰਦ ਪਹਿਲਾਂ ਹੀ ਸਿਮਰਜੀਤ ਸਿੰਘ ਬੈਂਸ ਨੂੰ ਧਮਕੀ ਮਿਲੀ ਸੀ ਜਿਸਦਾ ਜਵਾਬ ਬੈਂਸ ਨੇ ਜੇਲ੍ਹ ਤੋਂ ਬਾਹਰ ਆ ਦੇ ਦਿੱਤਾ ਹੈ।
ਦਸਣਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ‘ਚ ਸਿਫ਼ਟ ਕੀਤਾ ਗਿਆ ਸੀ।
ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਜੇਲ੍ਹ ਤੋਂ ਬਾਹਰ ਆਕੇ ਸਿਮਰਜੀਤ ਸਿੰਘ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਬੈਂਸ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਜਾਂ ਆਪਣੀ ਪਾਰਟੀ (ਲੋਕ ਇਨਸਾਫ ਪਾਰਟੀ) ਨੂੰ ਮਜ਼ਬੂਤ ਕਰਨ ਲਈ ਕੋਈ ਕਦਮ ਚੁੱਕਦੇ ਹਨ।