2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਹਰ ਸਿਆਸੀ ਪਾਰਟੀ ਪੱਬਾ-ਭਾਰ ਹੋਈ ਪਈ ਹੈ। ਇਸ ਦਰਮਿਆਨ ਬਾਕੀ ਸਿਆਸੀ ਪਾਰਟੀਆਂ ਵਾਂਗ ਪੰਜਾਬ ਦੀ ‘ਆਪ’ ਸਰਕਾਰ ਨੇ ਵੀ ਚੋਣਾਂ ਦੀ ਤਿਆਰੀ ਖਿੱਚ ਲਈ ਹੈ ਅਤੇ ਬਜਟ ਇਜਲਾਸ ਦੌਰਾਨ ਸਰਕਾਰ ਵੱਲੋਂ ਪੰਜਾਬ ਲਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਜਟ ਇਜਲਾਸ ਦੌਰਾਨ ਜਿਨ੍ਹਾਂ ਸਕੀਮਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਹਨ, ਉਨ੍ਹਾਂ ਨੂੰ ਲਾਗੂ ਕਰਨ ਅਤੇ ਜਿਹੜੀਆਂ ਗਾਰੰਟੀਆਂ ਬਚੀਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਬਾਰੇ ਸੈਸ਼ਨ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਦਸਣਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਲ ਪਹਿਲਾ ਬਜਟ ਪੇਸ਼ ਕੀਤਾ ਸੀ। ਹੁਣ ਭਗਵੰਤ ਮਾਨ ਸਰਕਾਰ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਪਾਰਟੀ ਦੇ ਸੂਤਰਾਂ ਮੁਤਾਬਕ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਆਪਣੇ ਇਸ ਵਾਅਦੇ ਨੂੰ ਪੂਰਾ ਕਰ ਸਕਦੀ ਹੈ। ਇਸ ਤੋਂ ਇਲਾਵਾ ਬੀਤੇ ਕਾਫ਼ੀ ਸਮੇਂ ਤੋਂ ਪੰਜਾਬ ‘ਚ ਪੁਰਾਣੀ ਪੈਨਸ਼ਨ ਸਕੀਮ ਦੀ ਨੋਟੀਫਿਕੇਸ਼ਨ ਜਾਰੀ ਹੋ ਚੁੱਕੀ ਹੈ ਪਰ ਇਹ ਯੋਜਨਾ ਲਾਗੂ ਨਾ ਹੋਣ ਕਾਰਨ ਕਿਸੇ ਵੀ ਮੁਲਾਜ਼ਮ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ ਹੈ।