ਸ਼੍ਰੋਮਣੀ ਅਕਾਲੀ ਦਲ ਬਾਦਲ ‘ਚੋਂ ਅਸਤੀਫ਼ਾ ਦੇਣ ਮਗਰੋਂ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅੱਜ ਦਿੱਲੀ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਦਿੱਲੀ ਵਿਖੇ ਭਾਜਪਾ ਦਫ਼ਤਰ ਪਹੁੰਚਕੇ ਬੀਜੇਪੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ਦਾ ਪੱਲਾ ਫੜਿਆ।
ਬੋਨੀ ਅਜਨਾਲਾ ਤੋਂ ਇਲਾਵਾ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਣੇ ਕਈ ਆਗੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵੀ ਸ਼ਰਮਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਅਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵੀ ਹਾਜ਼ਰ ਸਨ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੀ ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਸਤਵਿੰਦਰ ਬਿੱਟੀ ਸਮੇਤ ਕਈ ਹੋਰ ਸਾਬਕਾ ਵਿਧਾਇਕ ਵੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਦੱਸ ਦੇਈਏ ਕਿ ਸਾਬਕਾ ਵਿਧਾਇਕ ਬੋਨੀ ਅਜਨਾਲਾ ਨੇ ਲੰਘੀ 11 ਫਰਵਰੀ ਨੂੰ ਸਪੱਸ਼ਟ ਰੂਪ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾਂ ਜ਼ਿੰਮੇਵਾਰੀਆਂ ਤੋਂ ਮੁਕਤ ਹੋਕੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਸੀ। ਉਨ੍ਹਾਂ ਆਪਣੇ ਅਸਤੀਫ਼ੇ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਿਆ ਕਿ ਤੁਹਾਡੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ’ਚ ਹੁਣ ਕੁਝ ਠੀਕ ਨਹੀਂ ਰਿਹਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ’ਚ ਵਿਧਾਨ ਸਭਾ ਚੋਣਾਂ ਦੌਰਾਨ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਤੇ ਹੋਰਨਾਂ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸ ਦੌਰਾਨ ਉਹਨਾਂ ਨੇ ਨਿਰਾਸ਼ ਹੋਕੇ ਅਤੇ ਮਜਬੂਰ ਹੋਕੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅਸਤੀਫ਼ਾ ਦਿੱਤਾ ਅਤੇ ਅੱਜ ਭਾਜਪਾ ਦਾ ਪੱਲਾ ਫੜ ਲਿਆ।