‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਦਫ਼ਤਰ ਪਹੁੰਚਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਕ ਵੀਡੀਓ ਜਾਰੀ ਕਰਦਿਆਂ ਪਰਮਾਤਮਾ ਦਾ ਧੰਨਵਾਦ ਕੀਤਾ ਹੈ। ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ ਵੱਲੋਂ ਬੀਤੇ ਦਿਨ ਵਾਪਸ ਲੈ ਲਏ ਗਏ, ਜਿਸ ਕਾਰਨ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।
ਇਸ ਤੋਂ ਇਲਾਵਾ ਗੁਲਾਟੀ ਨੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੇ ਕੋਈ ਵੀ ਮਤਭੇਦ ਨਹੀਂ ਹਨ। ਉਹ ਪੰਜਾਬ ਸਰਕਾਰ ਦਾ ਪੂਰਾ ਸਤਿਕਾਰ ਕਰਦੇ ਹਨ ਪਰ ਇਹ ਗੱਲ ਸਿਰਫ਼ ਮਾਣ-ਸਨਮਾਣ ਦੀ ਲੜਾਈ ਸੀ। ਉਹ ਅਦਾਲਤ ‘ਚ ਸਿਰਫ ਇਸ ਕਰਕੇ ਗਏ ਸੀ ਕਿਉਂਕਿ ਸਰਕਾਰ ਦਾ ਕਹਿਣਾ ਸੀ ਕਿ ਕਾਰਜਕਾਲ ‘ਚ ਵਾਧਾ ਮਿਲਣ ਦਾ ਕੋਈ ਨਿਯਮ ਨਹੀਂ ਹੈ, ਜਦੋਂ ਕਿ ਮੇਰਾ ਮੰਨਣਾ ਸੀ ਕਿ ਕਮਿਸ਼ਨ ਦੇ ਬਣਨ ਤੋਂ ਲੈ ਕੇ ਹੁਣ ਤੱਕ ਇਹ ਸਹੂਲਤ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਇਕ ਮੌਕਾ ਭਾਲ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ‘ਚ ਮੁੱਖ ਮੰਤਰੀ ਉਨ੍ਹਾਂ ਨੂੰ ਇਹ ਮੌਕਾ ਦੇਣਗੇ।
ਇਥੇ ਦਸ ਦਈਏ ਕਿ ਪੰਜਾਬ ਸਰਕਾਰ ਵਲੋਂ ਮਨੀਸ਼ਾ ਗੁਲਾਟੀ ਨੂੰ ਕਾਰਜਕਾਲ ਖਤਮ ਹੋਣ ਤੋਂ 6 ਮਹੀਨੇ ਪਹਿਲਾਂ ਹੀ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਅਤੇ ਫਿਰ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਸਬੰਧ ਵਿਚ ਜਵਾਬ ਮੰਗਿਆ ਸੀ। ਹਾਈਕੋਰਟ ’ਚ ਜਵਾਬ ਪੇਸ਼ ਕਰਨ ਦੌਰਾਨ ਪੰਜਾਬ ਸਰਕਾਰ ਵਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਸੀ।