19 ਨਵੰਬਰ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ ਪੰਜਾਬ ‘ਚ ਹੋਰ ਬਢਾਵਾ ਦੇਣ ਲਈ ਸੂਬੇ ਵਿਚ ਸਾਰੇ ਸਾਈਨ ਬੋਰਡਾਂ ‘ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖਣ ਦਾ ਹੁਕਮ ਜਾਰੀ ਕੀਤਾ ਸੀ ਨਾਲ ਹੀ ਉਹਨਾਂ ਇਹ ਵੀ ਕਿਹਾ ਸੀ ਕਿ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ‘ਚ ਅਪਲੋਡ ਕੀਤੀ ਜਾਵੇ। ਇਸ ਲਈ 5 ਦਸੰਬਰ 2022 ਨੂੰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ। ਜਿਸ ਦੀ ਆਖਰੀ ਤਾਰੀਖ 21 ਫਰਵਰੀ 2023 ਰੱਖੀ ਗਈ ਸੀ।
ਅੱਜ ਇਸਦਾ ਆਖਰੀ ਦਿਨ ਹੈ। ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਕਿਹਾ ਸੀ ਕਿ 21 ਫਰਵਰੀ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਨਵੰਬਰ 2021 ‘ਚ ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ 2021 ਪਾਸ ਹੋ ਚੁੱਕਾ ਹੈ। ਬਿੱਲ ਅਨੁਸਾਰ 21 ਫਰਵਰੀ ਤੋਂ ਬਾਅਦ ਉਲੰਘਣਾ ਕਰਨ ਵਾਲਿਆਂ ਨੂੰ ਸਭ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਬਾਅਦ ਵਿਚ ਪਹਿਲੀ ਵਾਰ 500 ਰੁਪਏ, ਦੂਜੀ ਵਾਰ 2,000 ਰੁਪਏ ਤੇ ਤੀਜੀ ਵਾਰ 5,000 ਰੁਪਏ ਤੱਕ ਦਾ ਜੁਰਮਾਨਾ ਹੋਵੇਗਾ। ਜੇਕਰ ਕੋਈ ਵਿਭਾਗ ਅਜਿਹਾ ਨਹੀਂ ਕਰਦਾ ਤਾਂ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ।