ਅੱਜ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਹਨਾਂ ਲਿਖਿਆ, “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ। ਦੱਸਣਯੋਗ ਹੈ ਕਿ ਇਸ ਬਜਟ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਪੰਜਾਬ ਦੀ ਮਾਨ ਸਰਕਾਰ ਵੱਲੋਂ 11 ਵਜੇ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ ਜਾਵੇਗਾ।
ਦਸ ਦਈਏ ਕਿ ਬਜਟ ਪੇਸ਼ ਹੋਣ ਤੋਂ ਬਾਅਦ ਦੁਪਹਿਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ ਬਜਟ ਪੇਸ਼ ਹੋਣ ਤੋਂ ਬਾਅਦ ਦੁਪਹਿਰ ਕਰੀਬ 3.30 ਵਜੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।