ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 78 ਨੇ ਸਾਥੀ ਗ੍ਰਿਫ਼ਤਾਰ ਕੀਤੇ ਹਨ ਜਿੰਨਾ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦਰਮਿਆਨ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਫਰਾਰ ਹੈ, ਉਸ ਦੀਆਂ 2 ਕਾਰਾਂ ਜ਼ਬਤ ਕਰ ਲਈਆਂ ਗਈਆਂ ਤੇ ਬੰਦੂਕਧਾਰੀ ਸਾਥੀ ਫੜੇ ਗਏ ਹਨ। ਨਾਲ ਹੀ ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਸਾਥੀਆਂ ਪਾਸੋਂ ਕਾਬੂ ਕੀਤੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਸ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਕਾਰਵਾਈ ਕਰ ਰਹੀ ਹਨ। ਹੁਣ ਤੱਕ ਅੰਮ੍ਰਿਤਪਾਲ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਚੈਕਿੰਗ ਜਾਰੀ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਖ਼ਿਲਾਫ਼ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ਵਿਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਵੀ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹੋ ਗਏ ਹਨ ਜਿਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ। ਇਥੇ ਇਹ ਵੀ ਦਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕੀਤਾ ਗਿਆ ਹੈ। ਪੁਲਿਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਪਾਲ ਦਾ ਪਿੰਡ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਪੈਰਾ ਮਿਲਟਰੀ ਨੇ ਅੰਮ੍ਰਿਤਪਾਲ ਦੇ ਪਿੰਡ ਨੂੰ ਘੇਰਿਆ ਹੈ।
ਦੂਜੇ ਪਾਸੇ ਪੁਲਿਸ ਦੀ ਕਾਰਵਾਈ ਤੋਂ ਖਫ਼ਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੇ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਰ ਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਹਨ। ਧਾਰਮਿਕ ਸਥਾਨਾਂ ਤੇ ਮੁੱਖ ਬਾਜ਼ਾਰਾਂ ’ਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਨਾਲ ਹੀ ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਪੂਰੇ ਪੰਜਾਬ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।