ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹੀ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦਸ ਦਈਏ ਕਿ 10 ਮਾਰਚ ਨੂੰ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਦਿੱਤਾ ਗਿਆ ਵਾਧਾ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰ ਦੇ ਇਸ ਹੁਕਮ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਇਕ ਵਾਰ ਫਿਰ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨ੍ਹਾਂ ਕੋਈ ਕਾਰਨ ਦੱਸੇ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਜੋ ਕਿ ਨਿਆਂਸੰਗਤ ਨਹੀਂ ਹੈ।
ਮਨੀਸ਼ਾ ਗੁਲਾਟੀ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਅਤੇ ਉਸ ਸਮੇਂ ਵੀ ਮਨੀਸ਼ਾ ਗੁਲਾਟੀ ਹਾਈਕੋਰਟ ਪੁੱਜੇ ਸਨ। ਅਦਾਲਤ ਦਾ ਫ਼ੈਸਲਾ ਮਨੀਸ਼ਾ ਗੁਲਾਟੀ ਦੇ ਹੱਕ ‘ਚ ਆਇਆ ਸੀ ਅਤੇ ਉਨ੍ਹਾਂ ਨੇ ਮੁੜ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਸੀ। ਪਰ ਫਿਰ ਕੁਝ ਸਮੇਂ ਬਾਅਦ ਪੰਜਾਬ ਸਰਕਾਰ ਨੇ ਫੈਸਲਾ ਸੁਣਾਉਂਦੇ ਹੋਏ ਉਹਨਾਂ ਨੇ ਕਾਰਜਕਾਲ ‘ਚ ਕੀਤੇ ਗਏ ਵਾਧੇ ਨੂੰ ਰੱਦ ਕਰ ਦਿੱਤਾ ਸੀ।