WFI ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ ਕਿਉਂਕਿ ਧਰਨੇ ‘ਤੇ ਬੈਠੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ 2 FIR ਦਰਜ ਕੀਤੀਆਂ ਗਈਆਂ ਹਨ। ਦਿੱਲੀ ਪੁਲਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਪੋਕਸੋ ਐਕਟ ਅਤੇ ਛੇੜਖਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤੀ ਹੈ। ਦੱਸ ਦੇਈਏ ਕਿ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬ੍ਰਿਜਭੂਸ਼ਣ ਸ਼ਰਣ ਸਿੰਘ ‘ਤੇ ਐੱਫ.ਆਈ.ਆਰ. ਦਰਜ ਕਰਨ ‘ਤੇ ਸਹਿਮਤੀ ਜਤਾਈ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ.ਪੀ. ਪ੍ਰਣਵ ਤਾਇਲ ਨੇ ਦੱਸਿਆ ਕਿ WFI ਦੇ ਮੁਖੀ ਬ੍ਰਿਜ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ‘ਤੇ ਕਨਾਟ ਪਲੇਸ ਪੁਲਸ ਸਟੇਸ਼ਨ ਵਿਚ 2 FIR ਦਰਜ ਕੀਤੀਆਂ ਗਈਆਂ ਹਨ।
ਇੰਨਾ ਹੀ ਨਹੀਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਸੀਨੀਅਰ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਅਤੇ ਅਦਾਕਾਰ ਸੋਨੂੰ ਸੂਦ ਦਾ ਸਾਥ ਮਿਲਿਆ ਹੈ। ਦਸ ਦਈਏ ਕਿ ਅਦਾਕਾਰ ਸੋਨੂੰ ਸੂਦ ਵੀ ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਹੱਕ ‘ਚ ਆਏ ਹਨ। ਉਹਨਾਂ ਟਵੀਟ ਕਰਦਿਆਂ ਲਿਖਿਆ, “ਦੇਸ਼ ਦੇ ਖਿਡਾਰੀ ਬੇਇਨਸਾਫੀ ਵਿਰੁੱਧ ਕੁਸ਼ਤੀ ਦੀ ਲੜਾਈ ਜ਼ਰੂਰ ਜਿੱਤਣਗੇ।”
ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਦਿੱਲੀ ਦੇ ਜੰਤਰ-ਮੰਤਰ ਵਿਖੇ ਚੋਟੀ ਦੇ ਪਹਿਲਵਾਨਾਂ ਦੇ ਚੱਲ ਰਹੇ ਧਰਨੇ ‘ਚ ਪਹੁੰਚੇ। ਇਸ ਮੌਕੇ ਉਹਨਾਂ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ।
ਪ੍ਰਦਰਸ਼ਨਕਾਰੀ ਪਹਿਲਵਾਨਾਂ ਲਈ ਲਗਾਤਾਰ ਵੱਧਦੇ ਸਮਰਥਨ ਵਿਚਾਲੇ ਦਿੱਲੀ ਪੁਲਸ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ਼ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਦੋ FIR ਦਰਜ ਕੀਤੀਆਂ। ਦਿੱਲੀ ਪੁਲਸ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮਹਾ ਦੀ ਸੁਪਰੀਮ ਕੋਰਟ ਦੀ ਬੈਂਚ ਨੂੰ ਦੱਸਿਆ ਕਿ ਐੱਫ.ਆਈ.ਆਰ. ਸ਼ੁੱਕਰਵਾਰ ਨੂੰ ਦਰਜ ਕੀਤੀ ਜਾਵੇਗੀ।
ਮਹਿਤਾ ਦੀ ਦਲੀਲ ਤੋਂ ਬਾਅਦ ਇੱਥੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਇਸ ਨੂੰ ਜਿੱਤ ਵੱਲ ਪਹਿਲਾ ਕਦਮ ਕਰਾਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਇਸ ਸੰਸਦ ਨੂੰ ਉਨ੍ਹਾਂ ਦੇ ਸਾਰੇ ਅਹੁਦਿਆਂ ਤੋਂ ਹਟਾਏ ਜਾਣ ਤਕ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। 23 ਅਪ੍ਰੈਲ ਨੂੰ ਆਪਣਾ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ ਹੈ। ਜਿਸ ਦੌਰਾਨ ਉਹਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇ।